ਮਾਨਸਾ, 04 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਈਬਰ ਕੈਫੇ ਅਤੇ ਐਸ.ਟੀ.ਡੀ. ਤੇ ਪੀ.ਸੀ.ਓ. ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਬਹੁਤ ਸਾਰੇ ਕਮਰਸ਼ੀਅਲ ਸਥਾਨ ਜਾਂ ਦੁਕਾਨਾਂ ਸਾਈਬਰ ਕੈਫੇ ਅਤੇ ਐਸ.ਟੀ.ਡੀ. ਤੇ ਪੀ.ਸੀ.ਓ. ਦੇ ਤੌਰ ’ਤੇ ਖੁੱਲ ਰਹੇ ਹਨ ਅਤੇ ਇਨ੍ਹਾਂ ਸਥਾਨਾਂ ਤੋਂ ਮੁਹੱਈਆ ਕੀਤੀ ਜਾਣ ਵਾਲੀ ਈ-ਮੇਲ ਸੁਵਿਧਾ ਅਤੇ ਹੋਰ ਸੁਵਿਧਾਵਾਂ ਦੀ ਵਰਤੋਂ ਕਰਨ ਲਈ ਬਹੁਤ ਸਾਰੇ ਲੋਕ ਇਨ੍ਹਾਂ ਸਥਾਨਾਂ ’ਤੇ ਜਾਂਦੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕੁਝ ਗੈਰ-ਸਮਾਜਿਕ ਤੱਤ ਅਤੇ ਅਪਰਾਧੀ ਵੀ ਇਨ੍ਹਾਂ ਸੁਵਿਧਾਵਾਂ ਦੀ ਸੁਰੱਖਿਆ, ਜਾਂਚ ਪੜਤਾਲ ਏਜੰਸੀਆਂ ਨੂੰ ਗੁੰਮਰਾਹ ਕਰਨ, ਜਨਤਾ ਵਿੱਚ ਡਰ, ਆਤੰਕ ਪੈਦਾ ਕਰਨ, ਆਮ ਜਨਤਾ, ਵੀ.ਆਈ.ਪੀਜ਼ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਅਤੇ ਅੱਤਵਾਦੀ ਗਤੀਵਿਧੀਆਂ ਦੀ ਮਦਦ ਕਰਕੇ ਸਿੱਧੇ ਤੌਰ ’ਤੇ ਰਾਜ ਦੀ ਸੁਰੱਖਿਆ ’ਤੇ ਅਸਰ ਪਾਉਣ ਲਈ ਵਰਤੋਂ ਕਰ ਸਕਦੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸੇ ਅਣਜਾਣ ਵਿਅਕਤੀ ਜਿਸਦੀ ਪਹਿਚਾਣ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕ ਵੱਲੋਂ ਨਹੀਂ ਕੀਤੀ ਗਈ, ਨੂੰ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ’ਤੇ ਰੋਕ ਲਗਾਈ ਜਾਵੇ। ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਇਸ ਤੋਂ ਇਲਾਵਾ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ਵਾਲੇ ਦਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਰਜਿਸਟਰ ਵਿੱਚ ਕੀਤਾ ਜਾਵੇ ਅਤੇ ਉਸ ਵਿਅਕਤੀ ਤੋਂ ਇਸ ਮੰਤਵ ਲਈ ਰੱਖੇ ਗਏ ਰਜਿਸਟਰ ਵਿੱਚ ਦਸਤਖ਼ਤ ਜਾਂ ਨਿਸ਼ਾਨ ਅੰਗੂਠਾ ਵੀ ਕਰਵਾਏ ਜਾਣ। ਸ਼੍ਰੀ ਮਹਿੰਦਰ ਪਾਲ ਨੇ ਹੁਕਮ ਵਿੱਚ ਕਿਹਾ ਕਿ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖ਼ਤ ਉਸ ਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇ। ਐਕਟੀਵਿਟੀ ਸਰਵਰ ਲੌਗਇੰਨ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸਦਾ ਰਿਕਾਰਡ ਮੁੱਖ ਸਰਵਰ ਵਿੱਚ ਘੱਟੋ-ਘੱਟ ਛੇਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਬੰਧਤ ਅਦਾਰੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਤੁਰੰਤ ਸੂਚਿਤ ਕਰੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸੇ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਿਆ ਜਾਵੇ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹੇਗਾ।I/99818/2020