ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ, ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ

0
30

ਫ਼ਰੀਦਕੋਟ 19, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਮਗਰੋਂ ਸੈਣੀ ਖਿਲਾਫ ਕੋਟਕਪੂਰਾ ਗੋਲੀ ਕਾਂਡ ਵਿੱਚ ਵੀ ਚਲਾਨ ਪੇਸ਼ ਹੋ ਗਿਆ ਹੈ। ਅਦਾਲਤ ਨੇ ਇਸ ਕੇਸ ਦੀ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰਦਿਆਂ ਸੈਣੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਦਅਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਸੋਮਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। ਜਾਂਚ ਟੀਮ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰਦਿਆਂ ਸਾਬਕਾ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ ਉਹ ਅਦਾਲਤ ਸਾਹਮਣੇ ਪੇਸ਼ ਹੋਣ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਲਜੀਤ ਸਿੰਘ ਸਿੱਧੂ, ਡੀਐਸਪੀ ਪਰਮਜੀਤ ਸਿੰਘ ਪੰਨੂ, ਸਿਟੀ ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।

ਜਾਂਚ ਟੀਮ ਨੇ ਦੋ ਦਿਨ ਪਹਿਲਾਂ ਹੀ ਬਹਿਬਲ ਗੋਲੀ ਕਾਂਡ ਵਿੱਚ ਵੀ ਸਾਬਕਾ ਡੀਜੀਪੀ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ। ਹਾਲਾਂਕਿ ‘ਸਿਟ’ ਡੀਜੀਪੀ ਸੈਣੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਪਰ ਚਲਾਨ ਪੇਸ਼ ਹੋਣ ਨਾਲ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਜ਼ਰੂਰ ਵੱਧ ਗਈਆਂ ਹਨ। ਹੁਕਮ ਮੁਤਾਬਕ ਸੈਣੀ ਦਾ ਅਦਾਲਤ ਵਿੱਚ ਪੇਸ਼ ਹੋਣਾ ਲਾਜ਼ਮੀ ਹੈ।

LEAVE A REPLY

Please enter your comment!
Please enter your name here