ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ ਘਟੀਆ ਦਰਜੇ ਦੇ ਘੋਸ਼ਿਤ ਕੀਤੇ ਗਏ ਨਮੂਨਿਆਂ ਲਈ 10 ਲੱਖ ਰੁਪਏ ਜੁਰਮਾਨਾ

0
52

ਚੰਡੀਗੜ੍ਹ, 29 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ):ਸੂਬੇ ਦੇ ਲੋਕਾਂ ਨੂੰ ਮਿਆਰੀ, ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਫੂਡ ਬਿਜ਼ਨਸ ਅਪਰੇਟਰਾਂ ਨੂੰ ਦਸੰਬਰ 2020 ਤੱਕ ਫੂਡ ਸੇਫਟੀ ਵਿਭਾਗ ਕੋਲ ਖੁਦ ਨੂੰ ਰਜਿਸਟਰ ਕਰਵਾਉਣ ਦੀ ਹਦਾਇਤ ਕੀਤੀ ਹੈ।ਇੱਥੇ ਸੈਕਟਰ-34  ਵਿਖੇ ਡਾਇਰੈਕਟੋਰੇਟ ਸਿਹਤ ਸੇਵਾਵਾਂ ਦੇ ਕਮੇਟੀ ਰੂਮ ਵਿੱਚ ਫੂਡ ਸੇਫਟੀ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਢਾਬਾ ਆਪਰੇਟਰਾਂ/ ਫੂਡ ਹੈਂਡਲਰਾਂ ਲਈ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਪਾਸੋਂ ਹੈਲਥ ਫਿਟਨਸ ਸਰਟੀਫਿਕੇਟ ਲੈਣਾ ਵੀ ਲਾਜ਼ਮੀ ਕੀਤਾ ਗਿਆ ਹੈ। ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਚਨਚੇਤ ਚੈਕਿੰਗ ਕਰਨ ਅਤੇ ਜ਼ਿਲ੍ਹਾ ਟੀਮਾਂ ਦੇ ਕੰਮ ਦੀ ਨਿਗਰਾਨੀ ਲਈ ਸਟੇਟ ਟਾਸਕ ਫੋਰਸ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਸਹਾਇਕ ਫੂਡ ਕਮਿਸ਼ਨਰਾਂ ਅਤੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ ਨਿਰੀਖਣ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਮਠਿਆਈਆਂ, ਬੇਕਰੀ ਅਤੇ ਖਾਣ ਪੀਣ ਦੀਆਂ ਵਸਤਾਂ ਵਿਚ ਸਿਰਫ ਚੰਗੀ ਗੁਣਵੱਤਾ ਵਾਲਾ ਤੇਲ, ਦੁੱਧ, ਪਨੀਰ ਅਤੇ ਹੋਰ ਸਮੱਗਰੀ ਵਰਤੇ ਜਾ ਸਕਣ।
ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਘਟੀਆ ਦਰਜੇ ਦੀਆਂ ਖੁਰਾਕੀ ਵਸਤਾਂ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਏਗੀ ਅਤੇ ਜੇਕਰ ਕੋਈ ਖਪਤਕਾਰ ਫੂਡ ਆਪਰੇਟਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਂਦਾ ਹੈ ਤਾਂ ਸਮੇਂ ਸਿਰ ਕਾਰਵਾਈ ਕਰਨਾ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਫੂਡ ਸੇਫਟੀ ਵਿਭਾਗ ਨੂੰ ਪੌਸ਼ਟਿਕ ਅਤੇ ਮਿਆਰੀ ਭੋਜਨ ਪਦਾਰਥ ਯਕੀਨੀ ਬਣਾਉਣ ਲਈ ਨਾਮਜ਼ਦ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਜ਼ਿਲ੍ਹਿਆਂ ਤੋਂ ਲਏ ਗਏ ਨਮੂਨਿਆਂ ਨੂੰ ਪ੍ਰੋਟੋਕੋਲ ਤਹਿਤ ਸਮੇਂ ਸਿਰ ਖਰੜ ਵਿਖੇ ਸਥਿਤ ਅਤਿ-ਆਧੁਨਿਕ ਫੂਡ ਲੈਬ ਵਿੱਚ ਭੇਜਿਆ ਜਾਵੇ।ਦੱਸਣਯੋਗ ਹੈ ਕਿ ਇਹ ਲੈਬ ਖੁਰਾਕ ਦਾ ਵਿਸ਼ਲੇਸ਼ਣ ਕਰਨ ਵਾਲੀਆਂ ਹਾਈ ਟੈੱਕ ਮਸ਼ੀਨਾਂ ਨਾਲ ਲੈਸ ਹੈ।ਲੈਬ ਦੁਆਰਾ ਘਟੀਆ ਦਰਜੇ ਦੇ ਘੋਸ਼ਿਤ ਕੀਤੇ ਗਏ ਨਮੂਨਿਆਂ ਬਾਰੇ ਏ.ਡੀ.ਸੀਜ਼ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਤਾਂ ਜੋ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਫੂਡ ਆਪਰੇਟਰ ਨੂੰ ਢੁੱਕਵਾਂ ਜੁਰਮਾਨਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਜ਼ੁਰਮਾਨਾ 10 ਲੱਖ ਰੁਪਏ ਤੱਕ ਦਾ ਹੋ ਸਕਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਅਸੁਰੱਖਿਅਤ ਪਾਏ ਜਾਣ ਵਾਲੇ ਨਮੂਨਿਆਂ ਦੀ ਰਿਪੋਰਟ ਜੁਡੀਸ਼ਲ ਮੈਜਿਸਟਰੇਟ ਕੋਲ ਭੇਜੀ ਜਾਂਦੀ ਹੈ ਜੋ ਫੂਡ ਅਪਰੇਟਰ ਨੂੰ ਛੇ ਸਾਲ ਤੱਕ ਦੀ ਕੈਦ ਦੀ ਸਜ਼ਾ ਸੁਣਾ ਸਕਦੇ ਹਨ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਜ਼ਾਰ `ਚੋਂ ਖ਼ੁਰਾਕੀ ਵਸਤਾਂ ਖਰੀਦਣ ਤੋਂ ਪਹਿਲਾਂ ਇਨ੍ਹਾਂ ਦੇ ਮਿਆਦ ਪੁੱਗਣ ਦੀ ਤਾਰੀਖ ਵੇਖ ਕੇ ਹੀ ਵਸਤਾਂ ਦੀ ਖ਼ਰੀਦਦਾਰੀ ਕਰਿਆ ਕਰਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਮਿਆਦ ਪੁੱਗ ਚੁੱਕਿਆ ਜਾਂ ਘਟੀਆ ਦਰਜੇ ਦਾ ਭੋਜਨ ਪਦਾਰਥ ਰੱਖਦਾ ਹੈ ਤਾਂ ਉਲੰਘਣਾ ਕਰਨ ਵਾਲੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਕੱਤਰ ਸਿਹਤ ਕਮ ਕਮਿਸ਼ਨਰ ਐੱਫ.ਡੀ.ਏ ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਵਿੱਚ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਅਸੀਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੀ ਲਗਾਤਾਰ ਨਿਗਰਾਨੀ ਰੱਖ ਰਹੇ ਹਾਂ ਅਤੇ ਦੀਵਾਲੀ ਤੋਂ ਬਾਅਦ ਵੀ ਛਾਪੇਮਾਰੀ ਜਾਰੀ ਰਹੇਗੀ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਕਮ ਨੋਡਲ ਅਧਿਕਾਰੀ ਫੂਡ ਸੇਫਟੀ ਡਾ. ਅਨਦੇਸ਼ ਕੰਗ, ਸੀਨੀਅਰ ਵਿਗਿਆਨਕ ਅਧਿਕਾਰੀ ਐਫ.ਡੀ.ਏ ਲੈਬ ਸ੍ਰੀਮਤੀ ਰਵਨੀਤ ਕੌਰ ਸਿੱਧੂ ਅਤੇ ਫੂਡ ਸੇਫਟੀ ਵਿਭਾਗ ਦੇ ਸਾਰੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here