*ਸਿਆਸੀ ਸਥਿਰਤਾ ਤੇ ਤੇਜ਼ੀ ਨਾਲ ਫੈਸਲੇ ਲੈਣ ਦੇ ਢਾਂਚੇ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬੇ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ*

0
6

ਅੰਮ੍ਰਿਤਸਰ, 7 ਫਰਵਰੀ n(ਸਾਰਾ ਯਹਾਂ/  ਮੁੱਖ ਸੰਪਾਦਕ) : ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ।

ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦੌਰਾਨ ਅੱਜ ਇੱਥੇ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਜਨਮ ਹੀ ਨੰਬਰ ਇਕ ਉਤੇ ਪੁੱਜਣ ਲਈ ਹੋਇਆ ਹੈ ਕਿਉਂਕਿ ਮਿਹਨਤ ਤੇ ਸਮਰਪਣ ਦੀ ਭਾਵਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੀ ਸਮਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨਾਲ ਪੰਜਾਬੀਆਂ ਨੇ ਹਮੇਸ਼ਾ ਹਰੇਕ ਖੇਤਰ ਵਿੱਚ ਮੱਲਾਂ ਮਾਰੀਆਂ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਮੁਕਾਮ ਹਾਸਲ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਨਅਤੀ ਤਰੱਕੀ ਦੀ ਤੇਜ਼ ਰਫ਼ਤਾਰ ਦਾ ਪਾਂਧੀ ਬਣੇਗਾ।

ਸੂਬੇ ਭਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਇਸ ਖੇਤਰ ਵਿਚਲੀਆਂ ਅਥਾਹ ਸੰਭਾਵਨਾਵਾਂ ਦਾ ਪੂਰਾ ਲਾਹਾ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਗੱਲੋਂ ਖ਼ੁਸ਼ਕਿਸਮਤ ਹੈ ਕਿ ਇੱਥੇ ਬਹੁਤ ਸਾਰੇ ਕੁਦਰਤੀ ਸਰੋਤ ਹਨ, ਜਿਨ੍ਹਾਂ ਨੂੰ ਕੌਮਾਂਤਰੀ ਸੈਲਾਨੀਆਂ ਲਈ ਸੈਰਗਾਹਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਤੇ ਹੋਰ ਥਾਵਾਂ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਪੁਖ਼ਤਾ ਤਜਵੀਜ਼ ਲਿਆ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹੜੀਆਂ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲਿਆ ਸਕਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸੈਰ-ਸਪਾਟੇ ਪੱਖੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ, ਜਿਸ ਤੋਂ ਧਾਰਮਿਕ ਤੇ ਦੇਸ਼ ਭਗਤੀ ਦੇ ਜਜ਼ਬੇ ਦਾ ਝਲਕਾਰਾ ਮਿਲੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟਾ ਖੇਤਰ ਦੀ ਤਰੱਕੀ ਲਈ ਹਰ ਹੀਲਾ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੁਨੀਆ ਭਰ ਦੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚੇਗਾ।

ਮੁੱਖ ਮੰਤਰੀ ਨੇ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਤ ਕਰਦਿਆਂ ਸਥਾਨਕ ਸਨਅਤ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਰਗਾਹਾਂ ਨੂੰ ਵਿਕਸਤ ਕਰਨ ਲਈ ਦੇਸ਼ ਭਰ ਤੋਂ ਜਾਂ ਵਿਦੇਸ਼ਾਂ ਤੋਂ ਵੱਡੀਆਂ ਕੰਪਨੀਆਂ ਨੂੰ ਸੱਦਣ ਦੀ ਥਾਂ ਸਥਾਨਕ ਸਨਅਤਕਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਥਾਨਕ ਸਨਅਤਕਾਰਾਂ ਨੂੰ ਇਸ ਖੇਤਰ ਵਿੱਚ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਪੰਜਾਬ ਸੈਰ-ਸਪਾਟਾ ਸਨਅਤ ਦੇ ਗੜ੍ਹ ਵਜੋਂ ਉੱਭਰੇਗਾ।
   
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਖੇਤੀ ਉਦਯੋਗ ਨੂੰ ਵੱਡੇ ਪੱਧਰ `ਤੇ ਹੁਲਾਰਾ ਦੇਣ ਦੀ ਵੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦੀ 80 ਫੀਸਦੀ ਪੈਦਾਵਾਰ ਪੰਜਾਬ ਵਿੱਚ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਉਤਪਾਦਨ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਉਦਯੋਗਿਕ ਖੇਤਰ ਵਿੱਚ ਕ੍ਰਾਂਤੀ ਆਵੇਗੀ, ਉੱਥੇ ਕਿਸਾਨਾਂ ਦੀ ਆਮਦਨ ਵਧਣ ਦੇ ਨਾਲ-ਨਾਲ ਪਾਣੀ ਦੇ ਰੂਪ ਵਿੱਚ ਬਹੁਮੁੱਲੇ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵੁਕ ਸਾਂਝ ਪਾਉਂਦਿਆਂ ਆਖਿਆ ਕਿ ਉਹ ਕਿਧਰੇ ਹੋਰ ਨਾ ਜਾਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਇੱਥੇ ਆਪਣਾ ਕਾਰੋਬਾਰ ਵਧਾਉਣ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਉਦਯੋਗਾਂ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਵਿੱਚ ਆਪਣੇ ਪਸਾਰ ਵੱਲ ਧਿਆਨ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਪ੍ਰਾਜੈਕਟਾਂ ਦੀ ਛੇਤੀ ਪ੍ਰਵਾਨਗੀ ਦੇਣ ਲਈ ਬਹੁਤ ਜਲਦ ਅਸ਼ਟਾਮ ਪੇਪਰਾਂ ਲਈ ਕਲਰ ਕੋਡਿੰਗ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਅਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਵੀ ਵੱਡੇ ਪੱਧਰ `ਤੇ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਪਤੀਆਂ ਨੂੰ ਆਪਣੇ ਪ੍ਰਾਜੈਕਟਾਂ ਲਈ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ `ਤੇ ਦਸਤਖ਼ਤ ਕਰਨੇ ਪੈਂਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਹੁਣ ਪੰਜਾਬ ਵਾਸੀਆਂ ਦੇ ਹਿੱਤ ਵਿੱਚ ਸਮਝੌਤਿਆਂ `ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਸੂਖਦਾਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਹਾ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਵਾਸਤੇ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ।

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਵਿਅਕਤੀ ਦਾ ਪੁੱਤ ਨੇਕ ਨੀਅਤ ਨਾਲ ਸੂਬੇ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਤੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਇਹ ਪਾਰਟੀਆਂ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ, ਜਿਸ ਕਾਰਨ ਉਹ ਨਿਰਾਸ਼ਾ ਦੇ ਦੌਰ ਵਿੱਚੋਂ ਲੰਘ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਹੁਣ ਲੋਕਾਂ ਨੂੰ ਗੁਮਰਾਹ ਕਰਨ ਲਈ ਇੱਕ ਦੂਜੇ ਨਾਲ ਗੰਢ-ਤੁੱਪ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਉਨ੍ਹਾਂ ਨੂੰ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪਹਿਲਕਦਮੀਆਂ ਕਰਨ ਤੋਂ ਨਹੀਂ ਰੋਕ ਸਕਦੀਆਂ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਪੰਜਾਬ ਹਰ ਖੇਤਰ ਵਿੱਚ ਸਰਵਪੱਖੀ ਤਰੱਕੀ ਦਾ ਗਵਾਹ ਬਣੇਗਾ। ਭਗਵੰਤ ਮਾਨ ਨੇ ਇਸ ਕਾਰਜ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਵੀ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਸਿੰਘ ਨਿੱਝਰ, ਅਨਮੋਲ ਗਗਨ ਮਾਨ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ ਤੇ ਹੋਰ ਵੀ ਹਾਜ਼ਰ ਸਨ।

NO COMMENTS