
ਮਾਨਸਾ,13 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਿਵਲ ਸਰਜਨ ਡਾ ਹਰਿੰਦਰ ਕੁਮਾਰ ਸ਼ਰਮਾ ਨੇ ਲੋੜਵੰਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਰਕਾਰੀ ਸਿਹਤ ਸੰਸਥਾਵਾਂ ਬਲਾਕ ਬੁਢਲਾਡਾ ਅਤੇ ਬਰੇਟਾ ਵਿਖੇ ਅਚਨਚੇਤ ਦੌਰਾ ਕੀਤਾ। ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਵਿਚ ਹੋਰ ਸੁਧਾਰ ਲਿਆਉਣ ਲਈ ਸਮੇਂ ਸਮੇਂ ਤੇ ਜਾਂਚ ਕੀਤੀ ਜਾਂਦੀ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪ੍ਰੋਗਰਾਮ ਅਫ਼ਸਰਾਂ ਵੱਲੋਂ ਸਿਹਤ ਵਿਭਾਗ ਅਧੀਨ ਆਉਂਦੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਦਿਨ ਤੇ ਰਾਤ ਦੇ ਸਮੇਂ ਐਮਰਜੈਂਸੀ ਸੇਵਾਵਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਿਹਤ ਸੰਸਥਾ ਵਿਚ ਕੋਈ ਵੀ ਵਿਅਕਤੀ ਖੱਜਲ ਖੁਆਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।
ਇਸ ਮੌਕੇ ਡਾ. ਗੁਰਚੇਤਨ ਪ੍ਰਕਾਸ਼ ਐਸ ਐਮ ਓ, ਡਾ. ਕਮਲ ਬਰੇਟਾ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
