*ਸਿਵਲ ਹਸਪਤਾਲ ਮਾਨਸਾ ਵਿਖੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ*

0
32

ਮਾਨਸਾ, 25 ਅਗਸਤ: (ਸਾਰਾ ਯਹਾਂ/ਮੁੱਖ ਸੰਪਾਦਕ )
‘ਅੱਖਾਂ ਦਾਨ ਮਹਾਂਦਾਨ’ ਦੇ ਨਾਹਰੇ ਹੇਠ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਤਹਿਤ ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਨਸਾ ਵਿਖੇ ਅੱਖਾਂ ਦਾਨ ਮਹਾਂ ਦਾਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ, ਕਰਮਚਾਰੀ ਅਤੇ ਆਸ਼ਾ ਵਰਕਰ ਇਸ ਨੇਕ ਕਾਰਜ ਨਾਲ ਜੁੜਦਿਆਂ ਆਪਣਾ ਅੱਖਾਂ ਦਾਨ ਸਬੰਧੀ ਸਹਿਮਤੀ ਫਾਰਮ ਭਰਨ ਉਪਰੰਤ ਸ਼ਨਾਖਤੀ ਕਾਰਡ ਪ੍ਰਾਪਤ ਕਰਨ। ਉਨਾਂ ਦੱਸਿਆ ਕਿ 38ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ 2023 ਤੱਕ ਮਨਾਇਆ ਜਾ ਰਿਹਾ ਹੈ।
        ਇਸ ਮੌਕੇ ਡਾ.ਤਮੰਨਾ ਸੰਘੀ ਨੇ ਦੱਸਿਆ ਕਿ ਅੱਖਾਂ ਦਾਨ ਸਬੰਧੀ ਫੈਸਲਾ ਮੌਤ ਤੋਂ ਪਹਿਲਾਂ ਅਤੇ ਅੱਖਾਂ ਦਾਨ ਮੌਤ ਉਪਰੰਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਕਰਨ ਅਤੇ ਪ੍ਰਾਪਤ ਕਰਨ ਵਾਲੇ ਲਈ ਕੋਈ ਵੀ ਖਰਚਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਅੱਖਾਂ ਦਾ ਦਾਨ ਕਿਸੇ ਨੇਤਰਹੀਣ ਵਿਅਕਤੀ ਦੀ ਜ਼ਿੰਦਗੀ ਨੂੰ ਰੋਸ਼ਨ ਕਰ ਸਕਦਾ ਹੈ। ਅੱਖਾਂ ਨੂੰ ਮੌਤ ਦੇ 4 ਤੋਂ 6 ਘੰਟਿਆਂ ਦੇ ਅੰਦਰ ਅੰਦਰ ਕੱਢਿਆ ਜਾਣਾ ਚਾਹੀਦਾ ਹੈ।
ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਦੇਸ਼ ਅੰਦਰ ਪੰਦਰਾਂ ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਸਮੇਂ ਅੰਨ੍ਹੇਪਣ ਦਾ ਸ਼ਿਕਾਰ ਹਨ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੀ ਬੈਂਕ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਣਾ ਚਾਹੀਦਾ ਹੈ, ਅੱਖਾਂ ਉੱਪਰ ਗਿੱਲਾ ਅਤੇ ਸਾਫ ਕੱਪੜਾ ਰੱਖਿਆ ਜਾਵੇ ਅਤੇ ਸਿਰ ਹੇਠਾਂ ਸਰਾਹਣਾ ਰੱਖਿਆ ਜਾਵੇ ਤਾਂ ਜੋ ਅੱਖਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੌਤ ਉਪਰੰਤ ਅੱਖਾਂ ਦਾਨ ਲਈ ਆਈ (ਅੱਖ) ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟਾਂ ਵਿੱਚ ਮੁਕੰਮਲ ਕਰ ਲਈ ਜਾਂਦੀ ਹੈ।
ਇਸ ਮੌਕੇ ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ, ਹਰਪਾਲ ਕੌਰ ਐਲ.ਐਚ.ਵੀ.ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

NO COMMENTS