ਮਾਨਸਾ 9 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ) : ਸਿਵਲ ਹਸਪਤਾਲ ਮਾਨਸਾ ਤੋਂ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ 4 ਵਿਅਕਤੀਆਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ, ਡਾ.ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਨ੍ਹਾਂ ਮਰੀਜਾਂ ਦੇ 27 ਜੂਨ ਨੂੰ ਕੋਰੋਨਾ ਸੈਂਪਲ ਲਏ ਗਏ ਅਤੇ 29 ਜੂਨ 2020 ਨੂੰ ਰਿਪੋਰਟ ਪਾਜ਼ੀਟਿਵ ਆਉਣ ਤੇ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰਨ ਤੋਂ ਬਾਅਦ ਅੱਜ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਮਿਸ਼ਨ ਫਤਿਹ ਮੁਹਿੰਮ ਤਹਿਤ ਇਨ੍ਹਾਂ ਵਿਅਕਤੀਆਂ ਨੂੰ ਘਰਾਂ ਵਿੱਚ ਘੱਟ ਤੋਂ ਘੱਟ 10 ਦਿਨ ਲਈ ਇਕਾਂਤਵਾਸ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਵਰਤੋਂ ਕਰਨ ਬਾਰੇ ਕਿਹਾ ਗਿਆ, ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਤਕਲੀਫ਼ ਹੁੰਦੀ ਹੈ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।ਇਹਨਾਂ ਇਕਾਂਤਵਾਸ ਕੀਤੇ ਵਿਅਕਤੀਆਂ ਦਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਰੁਟੀਨ ਚੈਕਅਪ ਕੀਤਾ ਜਾਇਆ ਕਰੇਗਾ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ਼ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ।ਉਨ੍ਹਾਂ ਲੋਕਾਂ ਨੂੰ ਕਿਹਾ ਕਿ ਪ੍ਰਸਾਸ਼ਨ ਦਾ ਸਹਿਯੋਗ ਕਰਨ, ਘਰਾਂ ਤੋਂ ਬਾਹਰ ਨਾ ਨਿਕਲਣ, ਸਿਰਫ਼ ਜ਼ਰੂਰੀ ਕੰਮ ਲਈ ਹੀ ਆਪਣੇ ਘਰ ਤੋਂ ਬਾਹਰ ਜਾਇਆ ਜਾਵੇ, ਘਰ ਤੋਂ ਬਾਹਰ ਜਾਣ ਲੱਗੇ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਸੋਸ਼ਲ ਡਿਸਟੈਂਨਸਿੰਗ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸਾਬਣ ਨਾਲ ਵਾਰ—ਵਾਰ ਧੋਇਆ ਜਾਵੇ ਅਤੇ ਸੁੱਕੀ ਖੰਘ, ਜੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ਤੇ ਆਪਣੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਸਿਹਤ ਸੇਵਾਵਾਂ ਲਈ ਚਲਾਈ ਗਈ ਈ—ਸੰਜੀਵਨੀ ਆਨਲਾਈਨ ਓ.ਪੀ.ਡੀ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।