
ਮਾਨਸਾ, 01 ਮਈ (ਸਾਰਾ ਯਹਾ,ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਖੁਸ਼ੀ ਦੀ ਗੱਲ ਹੈ ਕਿ ਮਾਨਸਾ ਦੇ ਬਲਾਕ ਬੁਢਲਾਡਾ ਨਾਲ ਸਬੰਧਤ ਕੋਰੋਨਾ ਦਾ ਇਲਾਜ਼ ਕਰਵਾ ਰਹੀ ਇਕ ਔਰਤ ਦੀ ਰਿਪੋਰਟ ਨੈਗਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤ ਦੀ ਉਮਰ 32 ਸਾਲ ਹੈ ਅਤੇ ਇਸ ਔਰਤ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਵਿਚੋਂ ਚੌਥਾ ਮਰੀਜ਼ ਤੰਦਰੁਸਤ ਹੋ ਕੇ ਵਾਪਸ ਜਾ ਰਿਹਾ ਹੈ ਅਤੇ ਇਸ ਸਮੇਂ ਹਸਪਤਾਲ ਵਿਚ 9 ਕੋਰੋਨਾ ਦੇ ਮਰੀਜ਼ ਰਹਿ ਗਏ ਹਨ, ਜਿੰਨ੍ਹਾਂ ਦਾ ਮਾਹਰ ਡਾਕਟਰਾਂ ਦੀ ਦੇਖ ਰੇਖ ਹੇਠ ਇਲਾਜ਼ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ 22 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਕਰਵਾ ਰਹੀ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ ਦੀ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਛੱਤੀਸਗੜ੍ਹ ਤੋਂ ਆਏ ਵਿਅਕਤੀਆਂ ਦੇ ਸੈਂਪਲ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਾਲੇ ਇਸ ਕੋਰੋਨਾ ਮਰੀਜ਼ ਦੇ 9 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ। ਜਿਸ ਤੋਂ ਬਾਅਦ ਇਸਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ਼ ਇਕਾਂਤਵਾਸ ਵਿੱਚ ਰਹਿ ਕੇ ਆਪਣਾ ਇਲਾਜ਼ ਕਰਵਾ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ। ਤੰਦਰੁਸਤ ਹੋਈ ਔਰਤ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ, ਪੰਜਾਬ ਸਰਕਾਰ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਜ ਦੌਰਾਨ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਬਹੁਤ ਸਹਿਯੋਗ ਮਿਲਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਡਾ. ਅਸ਼ੋਕ ਕੁਮਾਰ ਐਸ.ਐਮ.ਓ. ਸਿਵਲ ਹਸਪਤਾਲ ਮਾਨਸਾ, ਡਾ. ਸੁਨੀਲ ਬਾਂਸਲ, ਡਾ.ਪੰਕਜ ਗਰਗ ਮੌਜੂਦ ਸਨ।
