*ਸਿਹਤ ਮੁਲਾਜ਼ਮ ਸੋਮਵਾਰ ਨੂੰ ਆਪਣੇ ਆਪਣੇ ਹਲਕੇ ਦੇ ਐਮ ਐਲ ਏ ਨੂੰ ਦੇਣਗੇ ਮੰਗ ਪੱਤਰ*

0
18

ਮਾਨਸਾ, 26 ਦਸੰਬਰ (ਸਾਰਾ ਯਹਾਂ/ਔਲਖ ) ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਬਿਨ੍ਹਾਂ 36000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਝੂਠੀ ਇਸ਼ਤਿਹਾਰਬਾਜੀ ਕੀਤੀ ਜਾ ਰਹੀ ਹੈ ਜਦਕਿ ਅਸਲੀਅਤ ਇਹ ਹੈ ਕਿ ਅੱਜ ਤੱਕ ਸਰਕਾਰ ਵੱਲੋਂ ਨਾਂ ਤਾਂ ਕਿਸੇ ਵੀ ਮੁਲਾਜ਼ਮ ਨੂੰ ਰੈਗੁਲਰ ਗਿਆ ਹੈ ਅਤੇ ਨਾ ਹੀ ਮਾਣ ਭੱਤਾ ਵਰਕਰਾਂ ਤੇ ਦੀ ਤਨਖਾਹ ਵਿੱਚ ਕੋਈ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਆਪਣੇ ਚੋਣ ਵਾਅਦੇ ਦੇ ਉਲਟ ਜਾ ਕੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਸਿਰਫ਼ ਦੇਰੀ ਨਾਲ ਲਾਗੂ ਕੀਤੀ ਸਗੋਂ ਇਸਨੂੰ ਲਾਗੂ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਉੱਤੇ ਗੈਰ-ਸੰਵਿਧਾਨਕ ਤਰੀਕੇ ਨਾਲ ਡਾਕਾ ਮਾਰਿਆ ਹੈ। ਇਸੇ ਤਰਾਂ ਸਰਕਾਰ ਨੇ ਮੁਲਾਜ਼ਮਾਂ ਨੂੰ ਮਿਲਦੇ ਪੇੰਡੂ ਤੇ ਬਾਰਡਰ ਏਰੀਆ ਸਮੇਤ ਕੁੱਲ 37 ਭੱਤਿਆਂ ਉੱਤੇ ਰੋਕ ਲਗਾ ਕੇ ਤਨਖਾਹ ਕਮਿਸ਼ਨ ਰਾਹੀਂ ਮਿਲੇ ਮਾਮੂਲੀ ਲਾਭ ਉੱਤੇ ਵੀ ਕਟੌਤੀ ਲਗਾ ਦਿੱਤੀ ਹੈ। 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਕਮਿਸ਼ਨ ਤੋਂ ਵਾਂਝੇ ਰੱਖਣਾ, 2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਪਰਖ-ਕਾਲ ਦੇ ਬਕਾਏ ਨਾ ਦੇਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਟਾਲਾ ਵੱਟਣਾ, ਮੁਲਾਜ਼ਮਾਂ ਦਾ ਏ.ਸੀ.ਪੀ. ਬੰਦ ਕਰਨਾ ਅਤੇ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ‘ਤੇ ਨਿੱਤ ਦਿਨ ਪੁਲੀਸ ਜ਼ਬਰ ਕਰਨਾ ਸਾਬਿਤ ਕਰਦਾ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਪੂਰੀ ਤਰਾਂ ਮੁਲਾਜ਼ਮ ਹਿੱਤਾਂ ਦਾ ਘਾਣ ਕਰ ਰਹੀ ਹੈ।     ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਵਲੋਂ ਲਗਾਤਾਰ ਸੰਘਰਸ਼ ਕਰ ਰਹੀ ਹੈ। ਸੰਘਰਸ਼ ਦੇ ਅਗਲੇ ਪੜਾਅ ਤਹਿਤ 28 ਅਤੇ 29 ਦਸੰਬਰ ਨੂੰ ਪੰਜਾਬ ਦੇ ਸਮੁੱਚੇ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ 8 ਜਨਵਰੀ ਨੂੰ ਨੈਸ਼ਨਲ ਹਾਇਵੇ ਤੇ ਲਾਡੋਵਾਲ ਟੋਲ ਪਲਾਜਾ ਵਿਖੇ ਚੱਕਾ ਜਾਮ ਕੀਤਾ ਜਾਵੇਗਾ।      ਅੱਜ ਮਾਨਸਾ ਜ਼ਿਲ੍ਹੇ ਵਿੱਚ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਸਿਹਤ ਮੁਲਾਜ਼ਮ ਤਾਲਮੇਲ ਕਮੇਟੀ ਦੀ ਜੂਮ ਮੀਟਿੰਗ ਹੋਈ ਜਿਸ ਵਿੱਚ 27 ਦਸੰਬਰ ਦੇ ਸੰਘਰਸ਼ ਬਾਰੇ ਚਰਚਾ ਕੀਤੀ ਗਈ। ਵੱਖ-ਵੱਖ ਨੁਮਾਇੰਦਿਆਂ ਦੇ ਵਿਚਾਰ ਲੈਣ ਤੋਂ ਬਾਅਦ ਫੈਸਲਾ ਲਿਆ ਗਿਆ ਕਿ 27 ਦਸੰਬਰ ਨੂੰ ਵੱਖ-ਵੱਖ ਬਲਾਕਾਂ ਦੇ ਸਿਹਤ ਮੁਲਾਜ਼ਮ ਆਪਣੇ ਸਬੰਧਤ ਬਲਾਕ ਹੈਡਕੁਆਰਟਰਾਂ ( ਖਿਆਲਾ ਕਲਾਂ, ਸਰਦੂਲਗੜ੍ਹ ਅਤੇ ਬੁਢਲਾਡਾ ) ਉਤੇ ਅਤੇ ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਤੈਨਾਤ ਸਿਹਤ ਮੁਲਾਜ਼ਮ ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ 9:30 ਵਜੇ ਤੋਂ 11:30 ਵਜੇ ਤੱਕ ਰੋਸ ਧਰਨੇ ਦੇਣਗੇ। ਇਸ ਉਪਰੰਤ ਸਿਹਤ ਮੁਲਾਜ਼ਮ ਇੱਕ ਕਮੇਟੀ ਬਣਾ ਕੇ ਆਪਣੇ ਸਬੰਧਤ ਹਲਕੇ ਦੇ ਐਮ ਐਲ ਏ ਨੂੰ ਮੰਗ ਪੱਤਰ ਦੇਣਗੇ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੇ ਸੰਘਰਸ਼ ਦੇ ਚਲਦਿਆਂ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਮੁਲਾਜ਼ਮਾਂ ਦੇ ਭਵਿਖ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਮੈਡੀਕਲ ਕਰਨ ਲਈ ਸਬੰਧਤ ਕਰਮਚਾਰੀਆਂ/ਅਧਿਕਾਰੀਆਂ ਨੂੰ ਬੇਨਤੀ ਕੀਤੀ ਗਈ ਤਾਂ ਕਿ ਉਨ੍ਹਾਂ ਨੂੰ ਚੋਣ ਜ਼ਾਬਤੇ ਤੋਂ ਪਹਿਲਾਂ ਜੁਆਇੰਨ ਕਰਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਜੂਮ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਕੇਵਲ ਸਿੰਘ, ਜਗਦੀਸ਼ ਸਿੰਘ ਪੱਖੋ, ਚਾਨਣ ਦੀਪ ਸਿੰਘ, ਸੰਦੀਪ ਸਿੰਘ, ਅਵਤਾਰ ਸਿੰਘ, ਹਰਿੰਦਰ ਸ਼ਰਮਾ, ਰਵਿੰਦਰ ਸਿੰਘ, ਕੇਵਲ ਸਿੰਘ ਨੇ ਭਾਗ ਲਿਆ।

NO COMMENTS