*ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਨਿਰਦੇਸ਼*

0
94

ਚੰਡੀਗੜ੍ਹ, 31 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ): ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਵੱਡੀ ਪਹਿਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਸਮੂਹ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਲਹਿਜ਼ੇ ‘ਚ ਕਿਹਾ ਕਿ ਇਨ੍ਹਾਂ ਕੇਂਦਰਾਂ ਤੋਂ ਮਿਲਦੀਆਂ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਊਣਤਾਈਆਂ ਵਾਲੇ ਕੇਂਦਰਾਂ ਦਾ ਲਾਇਸੈਂਸ ਰੱਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਰਵਾਈ ਕੀਤੀ ਜਾਵੇਗੀ।
ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਪੁਰਾਣਾ ਸਮਾਂ ਨਿਕਲ ਚੁੱਕਾ ਹੈ ਜਦੋਂ ਨਸ਼ਾ ਬੰਦ ਕਰਨ ਦੇ ਸਿਰਫ਼ ਦਮਗਜੇ ਮਾਰੇ ਜਾਂਦੇ ਸਨ। ਹੁਣ ਜੋ ਕਿਹਾ ਜਾਵੇਗਾ, ਉਹ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਨਸ਼ੇ ਦੇ ਧੰਦੇ ਵਿੱਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਾਮਲ ਵਿਅਕਤੀਆਂ ਨੂੰ ਭਾਰੀ ਨਤੀਜੇ ਭੁਗਤਣੇ ਪੈਣਗੇ।”
ਡਾ. ਸਿੰਗਲਾ ਨੇ ਕਿਹਾ ਕਿ ਸੂਬੇ ਵਿੱਚ 186 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਚਲ ਰਹੇ ਹਨ ਅਤੇ ਉਨ੍ਹਾਂ ਨੂੰ ਕਈ ਕੇਂਦਰਾਂ ਵਿੱਚ ਦਵਾਈਆਂ ਦੀ ਦੁਰਵਰਤੋਂ ਦੀਆਂ ਨਿਰੰਤਰ ਖ਼ਬਰਾਂ ਮਿਲ ਰਹੀਆਂ ਹਨ। ਉਨ੍ਹਾਂ ਸਿੱੱਧੇ ਤੌਰ ‘ਤੇ ਕਿਹਾ, “ਇਨ੍ਹਾਂ ਕੇਂਦਰਾਂ ਵਿੱਚ ਨਸ਼ੇ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਵਾਲੇ ਬਾਜ਼ ਆਉਣ। ਨਹੀਂ ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।” ਇਸ ਦੇ ਨਾਲ-ਨਾਲ ਸਿਹਤ ਮੰਤਰੀ ਨੇ ਸਮੂਹ ਕੈਮਿਸਟਾਂ ਨੂੰ ਪੂਰਣ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਲੈਣ ਵਾਲੇ ਵਿਅਕਤੀਆਂ ਨੂੰ ਸਿਰਫ਼ ਡਾਕਟਰ ਦੀ ਪਰਚੀ ਵੇਖਣ ਉਪਰੰਤ ਹੀ ਦਵਾਈਆਂ ਦੇਣ।
ਖਾਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਦੇ ਰੁਝਾਨ ਨੂੰ ਸਖ਼ਤੀ ਨਾਲ ਲੈਂਦਿਆਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਉੱਡਣ ਦਸਤੇ ਐਕਟਿਵ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਮਿਲਾਵਟੀ ਵਸਤਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਨਾਲ ਬਣੀਆਂ ਵਸਤਾਂ ਜਿਵੇਂ ਘਿਉ, ਪਨੀਰ ਤੇ ਮਠਿਆਈਆਂ ਆਦਿ ਵਿੱਚ ਮਿਲਾਵਟ ਕਰਨ ਅਤੇ ਫਲਾਂ ਨੂੰ ਗ਼ੈਰ-ਕੁਦਰਤੀ ਤਰੀਕੇ ਨਾਲ ਪਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸੇ ਤਰ੍ਹਾਂ ਸਿਹਤ ਮੰਤਰੀ ਨੇ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ ਅਥਾਹ ਸਹਿਯੋਗ ਦੇ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆਂਦਾ ਹੈ, ਉਸੇ ਤਰ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ ਅਤੇ ਜਿੱਥੇ ਵੀ ਨਸ਼ਾ ਵਿਕਦਾ ਵੇਖਣ ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ, ਐਮ.ਡੀ.-ਐਨ.ਐਚ.ਐਮ-ਕਮ-ਕਮਿਸ਼ਨਰ ਫ਼ੂਡ ਤੇ ਡਰੱਗ ਐਡਮਿਨੀਸਟ੍ਰੇਸ਼ਨ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ, ਸ੍ਰੀ ਸੰਜੀਵ ਗਰਗ ਜੁਆਇੰਟ ਕਮਿਸ਼ਨਰ ਡਰੱਗਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।——–

LEAVE A REPLY

Please enter your comment!
Please enter your name here