ਚੰਡੀਗੜ੍ਹ, 15, ਜਨਵਰੀ (ਸਾਰਾ ਯਹਾ / ਮੁੱਖ ਸੰਪਾਦਕ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਲੈਬ ਟੈਕਨੀਸ਼ਨਾਂ ਦੀਆਂ 98 ਪ੍ਰਕਾਸ਼ਿਤ ਅਸਾਮੀਆਂ ਵਿਚੋਂ 36 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਭਰਤੀ ਕੀਤਾ ਜਾਵੇਗਾ।
ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਰੈਗੂਲਰ ਅਧਾਰ ’ਤੇ ਮਿਲੀ ਨੌਕਰੀ ਲਈ ਵਧਾਈ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਰੋਜ਼ਗਾਰ ਯੋਜਨਾਂ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਇਹ ਵੀ ਵਰਣਨਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2021 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 10,049 ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ।
ਡਾਇਰੈਕਟਰ ਸਿਹਤ ਪੰਜਾਬ ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਪਰ ਅਜੇ ਇਹ ਬਿਮਾਰੀ ਪੂਰੀ ਖਤਮ ਨਹੀਂ ਹੋਈ ਜਿਸ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਅਤੀ ਜਰੂਰੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ, ਸੁਪਰਡੈਂਟ ਸੰਦੀਪ ਕੁਮਾਰ ਤੇ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
———-