ਮਾਨਸਾ , 16 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਇੰਦੂ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਂ ਦੀ ਅਗਵਾਈ ਹੇਠ ਸਿਹਤ ਕੇਂਦਰ ਨੰਗਲ ਕਲਾਂ ਦੀ ਸਿਹਤ ਟੀਮ ਵੱਲੋਂ ਸਰਕਾਰੀ ਮਿਡਲ ਸਕੂਲ ਅਤੇ ਬਾਬਾ ਜੀਵਨ ਸਿੰਘ ਧਰਮਸ਼ਾਲਾ, ਹੀਰੇਵਾਲਾ ਵਿਖੇ ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਦਸਤ ਤੋਂ ਬਚਾਅ ਲਈ ਬੱਚਿਆਂ ਨੂੰ ਓ.ਆਰ.ਐੱਸ. ਘੋਲ ਪਿਲਾਉਣ ਤੇ ਜਿੰਕ ਦੀਆਂ ਗੋਲੀਆਂ ਖਵਾਉਣ ਲਈ ਜਾਗਰੂਕ ਕੀਤਾ ਗਿਆ।
ਮੁਹਿੰਮ ਦੌਰਾਨ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਓ.ਆਰ.ਐੱਸ. ਦੇ ਦੋ-ਦੋ ਪੈਕਟ ’ਤੇ ਜਿੰਕ ਦੀਆਂ ਗੋਲੀਆਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਘਰ ਵਿੱਚ ਓ.ਆਰ.ਐੱਸ. ਘੋਲ ਤਿਆਰ ਕਰਨ ਦੀ ਵਿਧੀ ਵੀ ਸਿਖਾਈ ਗਈ। ਸਿਹਤ ਕਰਮਚਾਰੀ ਚਾਨਣ ਦੀਪ ਸਿੰਘ, ਰਮਨਦੀਪ ਕੌਰ ਏ.ਐੱਨ.ਐੱਮ. ਸਮੇਤ ਸਮੁੱਚੀ ਸਿਹਤ ਟੀਮ ਨੇ ਆਮ ਲੋਕਾਂ ਨੂੰ ਸਿਹਤ ਸਿੱਖਿਆ ਦਿੱਤੀ ਕਿ ਡਾਇਰੀਆ ਨੂੰ ਡੀਹਾਈਡ੍ਰੇਸ਼ਨ ਵਿਚ ਨਾ ਬਦਲਣ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ ’ਤੇ ਲਿਆਉਣਾ ਹੈ। 01 ਜੁਲਾਈ ਤੋਂ ‘ਰਾਸ਼ਟਰੀ ਦਸਤ ਰੋਕੂ ਮੁਹਿੰਮ’ ਚਲਾਈ ਜਾ ਰਹੀ ਹੈ ਜੋ ਕਿ 31 ਅਗਸਤ 2024 ਤਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਦਸਤ ਦੇਸ਼ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਵੀ ਵੇਖਿਆ ਗਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਸਾਲ ਵਿਚ ਘੱਟੋ ਘੱਟ 2-3 ਵਾਰ ਦਸਤ ਤੋਂ ਪੀੜਤ ਦੀ ਸੰਭਾਵਨਾ ਹੁੰਦੀ ਹੈ। ਰਾਸ਼ਟਰੀ ਦਸਤ ਰੋਕੂ ਮੁਹਿੰਮ ਤਹਿਤ ਜਾਗਰੂਕਤਾ ਫੈਲਾਅ ਕੇ ਦਸਤ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕਦਾ ਹੈ।
ਇਸ ਮੌਕੇ ਸਕੂਲ ਮੁਖੀ ਸੁਖਵਿੰਦਰ ਸਿੰਘ ਕਾਕਾ, ਅਧਿਆਪਕ ਸਾਹਿਬਾਨ, ਅਮਰਜੀਤ ਕੌਰ ਆਸ਼ਾ, ਬਲਜੀਤ ਕੌਰ ਆਸ਼ਾ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।