ਮਾਨਸਾ, 12 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਸਾ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਦੇ ਟੀਚੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਰੋਜ਼ਾਨਾ ਦੇ ਆਧਾਰ ‘ਤੇ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾਵੇ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਰੋਨਾ ਦੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸਿਹਤ ਸਲਾਹਾਂ ਦੀ ਅਣਦੇਖੀ ਕਰਦਿਆਂ ਕੀਤੀ ਜਾਣ ਵਾਲੀ ਥੋੜੀ ਜਿਹੀ ਲਾਪਰਵਾਹੀ ਵੀ ਕੀਮਤੀ ਜਾਨਾਂ ਨੂੰ ਖ਼ਤਰੇ ਵਿੱਚ ਪਾ ਸਕਦੀ ਹੈ ਅਤੇ ਨਾਗਰਿਕਾਂ ਨੂੰ ਇਸ ਮਹਾਂਮਾਰੀ ਦੇ ਮਾਰੂ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਜ਼ਰੂਰਤ ਹੈ ਤਾਂ ਜੋ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਇਹ ਟੀਕਾ ਲਗਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਬ ਡਵੀਜ਼ਨ ਪੱਧਰ ‘ਤੇ ਰੋਜਾਨਾ ਐਸ.ਡੀ.ਐਮਜ਼ ਨਾਲ ਤਾਲਮੇਲ ਰੱਖਿਆ ਜਾਵੇ ਅਤੇ ਸ਼ਹਿਰੀ ਤੇ ਦਿਹਾਤੀ ਵਸੋਂ ਨੂੰ ਸੈਂਪਲਿੰਗ ਤੇ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਸਲਾਹਾਂ ਦੀ ਪਾਲਣਾ ਸਮੇਂ ਦੀ ਅਹਿਮ ਲੋੜ ਹੈ ਅਤੇ ਸਾਰੇ ਹਸਪਤਾਲਾਂ ਵਿੱਚ ਤਾਇਨਾਤ ਸਟਾਫ਼ ਵੱਲੋਂ ਮਰੀਜ਼ਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਆਪਣੇ ਤੇ ਆਪਣੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਲਈ ਵੈਕਸੀਨੇਸ਼ਨ ਕਰਵਾਉਣ ਤੇ ਕੋਰੋਨਾ ਸੈਂਪਲ ਦੇਣ ਲਈ ਜਾਗਰੂਕ ਕੀਤਾ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਘਰੇਲੂ ਇਕਾਂਤਵਾਸ ਵਿੱਚ ਚੱਲ ਰਹੇ ਨਾਗਰਿਕਾਂ ਦੀ ਲਗਾਤਾਰ ਮੋਨੀਟਰਿੰਗ ਕਰਨ, ਫ਼ਤਿਹ ਕਿੱਟਾਂ ਦੀ ਵੰਡ, ਵਾਰ ਵਾਰ ਹੱਥ ਧੋਣ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਅਤੇ ਮਾਸਕ ਪਾ ਕੇ ਰੱਖਣ ਸਬੰਧੀ ਜਾਰੀ ਹਦਾਇਤਾਂ ਨੂੰ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਰਾਹੀਂ ਹਰ ਘਰ ਵਿੱਚ ਪਹੁੰਚ ਕੀਤੀ ਜਾਵੇ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਕੀਤਾ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਐਸ.ਡੀ.ਐਮ ਬੁਢਲਾਡਾ ਸਾਗਰ ਸੇਤੀਆ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
I/168403/2021
2 Attachments