
ਚੰਡੀਗੜ੍ਹ, 9 ਨਵੰਬਰ(ਸਾਰਾ ਯਹਾ / ਮੁੱਖ ਸੰਪਾਦਕ): ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤ ਕੀਤੇ ਗਏ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ 2 ਮਾਸਟਰ ਕਾਡਰ ਅਤੇ 2 ਈਟੀਟੀ ਅਧਿਆਪਕਾਂ, 1 ਲਾਇਬ੍ਰੇਰੀ ਰੀਸਟੋਰਟਰ, 9 ਕਲਰਕਾਂ ਅਤੇ 69 ਦਰਜਾ-4
ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਆਨਲਾਈਨ ਮੁਕੰਮਲ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰਾਂ ਤੋਂ ਅਰਜ਼ੀਆਂ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ 106 ਮਾਮਲਿਆਂ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਬਾਕੀ ਮਾਮਲਿਆਂ ਵਿੱਚ ਨਿਯੁਕਤੀ ਪੱਤਰ ਜਲਦੀ ਭੇਜ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਕੁੱਲ 106 ਵਿਚੋਂ 3 ਮਾਸਟਰ ਕੇਡਰ, 2 ਈਟੀਟੀ ਅਧਿਆਪਕਾਂ, 12 ਕਲਰਕਾਂ, 1 ਲਾਇਬ੍ਰੇਰੀ ਰੀਸਟੋਰਰ ਅਤੇ 88 ਦਰਜ਼ਾ-4 ਦੀਆਂ ਅਸਾਮੀਆਂ ਸਨ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਉਹਨਾਂ ਅੱਗੇ ਕਿਹਾ, “ਤੁਹਾਡੀ ਪਹਿਲੀ ਜ਼ਿੰਮੇਵਾਰੀ ਆਪਣੇ ਪਰਿਵਾਰ ਦੀਆਂ ਵਿੱਤੀ ਜ਼ਰੂਰਤਾਂ ਪੂਰਾ ਕਰਨਾ ਅਤੇ ਆਪਣੇ ਵਿਭਾਗ ਪ੍ਰਤੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਹੈ।” ਉਹਨਾਂ ਅੱਗੇ ਕਿਹਾ ਕਿ ਇਹ ਮੁੱਢਲਾ ਮੰਚ ਹੈ ਅਤੇ ਤੁਸੀਂ ਆਪਣੀ ਸਮਰਥਾ ਅਤੇ ਸਖਤ ਮਿਹਨਤ ਨਾਲ ਭਵਿੱਖ ਵਿੱਚ ਹੋਰ ਮੌਕੇ ਪ੍ਰਾਪਤ ਕਰ ਸਕਦੇ ਹੋ।ਇਸ ਮੌਕੇ ਸਕੂਲ ਸਿੱਖਿਆ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਡੀ.ਪੀ.ਆਈ (ਸੈਕੰਡਰੀ ਸਿੱਖਿਆ) ਸ੍ਰੀ ਸੁਖਜੀਤਪਾਲ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਯੋਗਰਾਜ ਵੀ ਮੌਜੂਦ ਸਨ।
