ਮਾਨਸਾ, 04 ਅਗਸਤ (ਸਾਰਾ ਯਹਾਂ/ ਜੋਨੀ ਜਿੰਦਲ) : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ 5 ਅਗਸਤ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜ਼ਿਲਾ ਸੰਗਰੂਰ ਵਿਖੇ ਰਾਜ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ’ਤੇ ਲੱਗੀ ਪਾਬੰਦੀ ਅਤੇ ਇਸ ਦੇ ਅਸਰ ਬਾਰੇ ਜਾਣੂ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਦੀਆਂ ਵਸਤਾਂ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ ਅਤੇ ਹੁਣ ਇਸ ਪਾਬੰਦੀ ਨੂੰ ਜ਼ਿਲਾ ਮਾਨਸਾ ’ਚ ਵੀ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਵਿਧਾਇਕ, ਉੱਘੀਆਂ ਸਖ਼ਸ਼ੀਅਤਾਂ ਅਤੇ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਣੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਤਰਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰਾਂ ਪਾਬੰਦੀ ਲਗਾਈ ਗਈ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ’ਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਉਨਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਜ਼ਿਲੇ ਅੰਦਰ ਕੋਈ ਵੀ ਸੰਨਤ ਸਿੰਗਲ ਯੂਜ਼ ਪਲਾਸਟਿਕ ਨਾਲ ਸਬੰਧਤ ਵਸਤੂ ਨਾ ਬਣਾ ਰਹੀ ਹੋਵੇ ਯਕੀਨੀ ਬਣਾਇਆ ਜਾਵੇਗਾ।