
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ(ਸਾਰਾ ਯਹਾਂ/ ਮੁੱਖ ਸੰਪਾਦਕ ): : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਕੀਤਾ।
ਸ. ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।
ਸ.ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ।
ਨੇ ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਸ. ਬੈਂਸ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਕੇ ਉਹਨਾਂ ਦਾ ਰਾਹ ਰੁਸ਼ਨਾਉਣ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।
