ਚੰਡੀਗੜ੍ਹ, 29 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ) : ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ।
ਇੱਥੇ ਮਿਊਂਸਿਪਲ ਭਵਨ ਵਿੱਚ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ “ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।”
ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੁਣ ਤੱਕ 27,042 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਸਮਾਰੋਹਾਂ ਦਾ ਗਵਾਹ ਬਣ ਚੁੱਕਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਇਹ ਵਚਨਬੱਧਤਾ ਝਲਕਦੀ ਹੈ ਕਿ ਉਹ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਦਬੇ-ਕੁਚਲੇ ਵਰਗਾਂ ਤੇ ਲੋੜਵੰਦਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰ ਨੂੰ ਪ੍ਰੇਰਿਆ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ।
ਮੁੱਖ ਮੰਤਰੀ ਨੇ ਸਿੱਖਿਆ ਸਰਵਿਸ ਪ੍ਰੋਵਾਈਡਰਾਂ ਦੀਆਂ ਚਿੰਤਾਵਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਠੇਕੇ ਉਤੇ ਭਰਤੀ ਦੀ ਪ੍ਰਣਾਲੀ ਨੂੰ ਖ਼ਤਮ ਕਰ ਕੇ ਜਲਦੀ ਉਨ੍ਹਾਂ ਦੀ ਤਨਖ਼ਾਹ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ, ਜਿਸ ਕਾਰਨ ਉਹ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।
ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਕੌਮੀ ਨਾਇਕ ਵੱਲੋਂ ਜੀਵਨ ਵਿੱਚ ਦੁਸ਼ਵਾਰੀਆਂ ਝੱਲ ਕੇ ਮਾਰੇ ਮਾਅਰਕੇ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈ ਕੇ ਹਰੇਕ ਖ਼ੇਤਰ ਵਿੱਚ ਮੱਲਾਂ ਮਾਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਦਿੱਕਤਾਂ ਦੇ ਬਾਵਜੂਦ ਸੰਵਿਧਾਨ ਨਿਰਮਾਤਾ ਨੇ ਸਿੱਖਿਆ ਹਾਸਲ ਕੀਤੀ ਅਤੇ ਜੀਵਨ ਵਿੱਚ ਬੁਲੰਦੀਆਂ ਨੂੰ ਛੋਹਿਆ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਨੌਜਵਾਨ ਆਪਣੇੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਸ ਮਹਾਨ ਆਗੂ ਦੇ ਜੀਵਨ ਤੇ ਫਲਸਫ਼ੇ ਤੋਂ ਪ੍ਰੇਰਨਾ ਜ਼ਰੂਰ ਲਵੇ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਪੱਟੀ ਹਵਾਈ ਜਹਾਜ਼ ਦੀ ਆਰਾਮਾਇਕ ਉਡਾਣ ਲਈ ਸਹਾਇਕ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦਗਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਖ਼ੁਦ ਆਪਣੀ ਪਛਾਣ ਅਤੇ ਸਥਾਨ ਬਣਾਉਣ ਲਈ ਜਦੋ-ਜਹਿਦ ਕਰਨ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਧਾਰਮਿਕ ਲੀਹਾਂ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਪੂ ਬਣੇ ਧਰਮ ਦੇ ਆਗੂਆਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪਰੇਸ਼ਾਨ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਜਜ਼ਬਾਤੀ ਤੌਰ ‘ਤੇ ਕੋਈ ਨਾਤਾ ਨਹੀਂ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਕਰਕੇ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ।