*ਸਿੱਖ ਸ਼ਰਧਾਲੂਆਂ ਦਾ ਜੱਥਾ 17 ਨਵੰਬਰ ਨੂੰ ਹੋਏਗਾ ਪਾਕਿਸਤਾਨ ਰਵਾਨਾ, 14 ਤੇ 15 ਨਵੰਬਰ ਨੂੰ ਕਰਵਾਓ ਕੋਰੋਨਾ ਟੈਸਟ*

0
11

ਚੰਡੀਗੜ੍ਹ 12,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਦੇਸ਼ ਵਿਦੇਸ਼ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪਾਕਿਸਤਾਨ ਦੇ ਗੁਰਧਾਮਾਂ ਲਈ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜੱਥਾ ਰਵਾਨਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਵੱਲੋਂ 14 ਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੱਗੇਗਾ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਨ ਦੇ ਨਾਲ-ਨਾਲ ਕੋਰੋਨਾ ਦੀ 72 ਘੰਟੇ ਪਹਿਲਾਂ ਦੀ ਰਿਪੋਰਟ ਲਾਜ਼ਮੀ ਹੈ। ਇਸ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਟੈਸਟ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 14 ਤੇ 15 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਤੱਕ ਇਹ ਕੈਂਪ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਅਪਲਾਈ ਕੀਤਾ ਹੈ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਇਸ ਕੈਂਪ ਵਿਚ ਪੁੱਜਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਸ਼ਰਧਾਲੂ ਆਪਣੇ ਤੌਰ ‘ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 17 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਲੈ ਕੇ ਆਉਣ।

LEAVE A REPLY

Please enter your comment!
Please enter your name here