
(ਸਾਰਾ ਯਹਾਂ/ ਮੁੱਖ ਸੰਪਾਦਕ ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 7 ਮਹੀਨੇ ਹੋ ਗਏ ਹਨ। ਹਰ ਐਤਵਾਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਲਗਾਤਾਰ ਪਿੰਡ ਮੂਸਾਵਾਲੇ ਪਹੁੰਚ ਰਹੇ ਹਨ। ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਵਿਦੇਸ਼ ਦੌਰੇ ਤੋਂ ਵਾਪਸ ਪਰਤੇ ਹਨ। ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਬਲਕਾਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਇਹ ਹਨ ਕਿ ਸਰਕਾਰ ਗੈਂਗਸਟਰਾਂ ਤੇ ਨਸ਼ਿਆਂ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਐਨਆਰਆਈ ਯੂਕੇ ਤੋਂ ਪੰਜਾਬ ਆਇਆ ਤਾਂ ਉਸ ਤੋਂ 10 ਲੱਖ ਰੁਪਏ ਫਿਰੌਤੀ ਮੰਗੀ ਗਈ ਸੀ। ਉਹ ਉਸੇ ਦਿਨ ਯੂਕੇ ਵਾਪਸ ਚਲਾ ਗਿਆ।
ਉਨ੍ਹਾਂ ਕਿਹਾ ਕਿ ਸੂਬਾ ਇੰਨਾ ਬਦਨਾਮ ਹੋ ਗਿਆ ਹੈ ਕਿ ਐਨਆਰਆਈਜ਼ ਪੰਜਾਬ ਆਉਣ ਤੋਂ ਡਰਦੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਥਾਣਿਆਂ ਤੇ ਹਮਲਾ ਸ਼ੁਰੂ ਕਰ ਦਿੱਤੇ ਹਨ। ਸਰਕਾਰ ਤੇ ਮੰਤਰੀ ਕੋਈ ਵੀ ਆਪਣਾ ਮੂੰਹ ਖੋਲ੍ਹਣ ਲਈ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਉਹ ਯੂਕੇ ਤੋਂ ਵਾਪਸ ਆਏ ਹਨ। ਉੱਥੇ ਜੋ ਵੀ ਉਨ੍ਹਾਂ ਨੂੰ ਮਿਲਿਆ ਸਭ ਨੇ ਪੁੱਛਿਆ ਕਿ ਪੰਜਾਬ ਨੂੰ ਕੀ ਹੋ ਗਿਆ ਹੈ?
