*ਸਿੱਧੂ ਮੂਸੇਵਾਲਾ ਦੇ ਪਿਤਾ ਵਿਦੇਸ਼ ਲਈ ਹੋਏ ਰਵਾਨਾ , ਭਾਰੀ ਸੁਰੱਖਿਆ ਵਿਚਕਾਰ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚੇ*

0
125

 (ਸਾਰਾ ਯਹਾਂ/ਬਿਊਰੋ ਨਿਊਜ਼ )ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਇੱਕ ਵਾਰ ਫਿਰ ਵਿਦੇਸ਼ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਰਤਾਨੀਆ (ਯੂ.ਕੇ.) ਜਾ ਰਹੇ ਹਨ। ਜਿਸ ਦੇ ਲਈ ਉਨ੍ਹਾਂ ਨੂੰ ਭਾਰੀ ਸੁਰੱਖਿਆ ਵਿਚਕਾਰ ਚੰਡੀਗੜ੍ਹ ਹਵਾਈ ਅੱਡੇ ‘ਤੇ ਲਿਜਾਇਆ ਗਿਆ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਰਤਾਨੀਆ ‘ਚ ਪੁੱਤ ਦੇ ਪ੍ਰਸ਼ੰਸਕਾਂ ਨੂੰ ਵੀ ਮਿਲਣਗੇ। ਦੱਸਿਆ ਜਾ ਰਿਹਾ ਹੈ ਕਿ ਉਹ 10 ਦਿਨ ਵਿਦੇਸ਼ ਰਹਿਣਗੇ। 
ਇਸ ਵਾਰ ਸਿੱਧੂ ਮੂਸੇਵਾਲਾ ਦੇ ਪਿਤਾ ਇਕੱਲੇ ਹੀ ਵਿਦੇਸ਼ ਜਾ ਰਹੇ ਹਨ ਜਦੋਂਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਦੀ ਹਵੇਲੀ ਵਿੱਚ ਰਹਿ ਰਹੀ ਹੈ। ਪਿਛਲੇ ਦਿਨੀਂ ਮਿਲੀਆਂ ਧਮਕੀਆਂ ਅਤੇ ਖੁਫੀਆ ਏਜੰਸੀਆਂ ਦੇ ਇਨਪੁਟ ਤੋਂ ਬਾਅਦ ਸਮੁੱਚੀ ਹਵੇਲੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਘਰ ਦੇ ਬਾਹਰ ਇੱਕ ਐਲਐਮਜੀ ਲੈਸ ਵਾਹਨ ਵੀ ਖੜ੍ਹਾ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਕੈਨੇਡਾ ਅਤੇ ਬਰਤਾਨੀਆ ਗਏ ਸੀ। ਇਸ ਦੌਰਾਨ ਉਨ੍ਹਾਂ ਵਿਦੇਸ਼ਾਂ ਵਿੱਚ ਵਸੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਇਨਸਾਫ਼ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਸੀ। ਹੁਣ ਵੀ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਭਾਰਤ ਸਰਕਾਰ ‘ਤੇ ਦਬਾਅ ਬਣਾਉਣ ਲਈ ਵਿਦੇਸ਼ਾਂ ‘ਚ ਵੱਸਦੇ ਪ੍ਰਵਾਸੀ ਭਾਰਤੀਆਂ ਤੋਂ ਮੰਗ ਕਰਨਗੇ।  ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਦੁਪਹਿਰ ਨੂੰ ਸਿੱਧੂ ਮੂਸੇਵਾਲਾ ਦੇ ਘਰ ਅਤੇ ਪਿੰਡ ਦੇ ਬਾਹਰ ਅਚਾਨਕ ਸੁਰੱਖਿਆ ਵਧਾ ਦਿੱਤੀ ਸੀ। ਪੂਰੇ ਪਿੰਡ ਨੂੰ ਸੀਲ ਕਰਕੇ ਵੱਖ-ਵੱਖ ਥਾਵਾਂ ‘ਤੇ 150 ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹਨ। ਪਿੰਡ ਨੂੰ ਆਉਣ-ਜਾਣ ਵਾਲੀ ਹਰ ਸੜਕ ’ਤੇ ਨਾਕੇ ਲਾਏ ਗਏ ਹਨ। ਵਾਹਨਾਂ ਦੀ ਤਲਾਸ਼ੀ ਦੇ ਨਾਲ-ਨਾਲ ਲੋਕਾਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ। ਪਰਿਵਾਰ ਨੂੰ ਹਵੇਲੀ ਦੇ ਅੰਦਰ ਹੀ ਰਹਿਣ ਲਈ ਕਿਹਾ ਗਿਆ ਹੈ। 
ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸੁਰੱਖਿਆ ਏਜੰਸੀਆਂ ਨੂੰ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲੇ ਸਬੰਧੀ ਅਲਰਟ ਮਿਲਿਆ ਸੀ। ਇਸ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ।  

LEAVE A REPLY

Please enter your comment!
Please enter your name here