*ਸੀਐਮ ਭਗਵੰਤ ਮਾਨ ਦਾ ਦਾਅਵਾ, ਪੰਜਾਬ ‘ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ*

0
12

(ਸਾਰਾ ਯਹਾਂ/ਬਿਊਰੋ ਨਿਊਜ਼ )  ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ‘ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ ਹੈ। ਉਨ੍ਹਾਂ ਨੇ ਇਹ ਦਾਅਵਾ ‘ਇੰਡੀਆ ਟੂਡੇ’ ਰਸਾਲੇ ਦੇ ਜਨਵਰੀ ਅੰਕ ਦੇ ਹਵਾਲੇ ਨਾਲ ਕੀਤਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਅਮਨ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੂੰ ਵੰਗਾਰਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖੀ ਜਾਵੇਗੀ ਤੇ ਇਸ ਨਾਲ ਕਿਸੇ ਨੂੰ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ। 


ਮੁੱਖ ਮੰਤਰੀ ਨੇ ਪੰਜਾਬ ਦੀ ਦੁਰਦਸ਼ਾ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਕਾਨੂੰਨ ਵਿਵਸਥਾ ਬਾਰੇ ਗੁੰਮਰਾਹਕੁਨ ਪ੍ਰਚਾਰ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਜਿਸ ਨਾਲ ਲੋਕਾਂ ਦੇ ਹਿਰਦੇ ਠਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਨੂੰ ਲਿਖਿਆ ਹੈ ਕਿ ਭਵਿੱਖ ’ਚ ਬੇਅਦਬੀ ਕਰਨ ਵਾਲਿਆਂ ਲਈ ਫਾਂਸੀ ਜਾਂ 20 ਸਾਲ ਦੀ ਸਜ਼ਾ ਦੀ ਵਿਵਸਥਾ ਕੀਤੀ ਜਾਵੇ। 


ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਐਸਵਾਈਐਲ ਸਮੇਤ ਲੋਕ ਵਿਰੋਧੀ ਫ਼ੈਸਲੇ ਲਏ, ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਜਾਂਚ ਏਜੰਸੀਆਂ ਤੋਂ ਡਰਨ ਵਾਲੇ ਨਹੀਂ ਹਨ ਤੇ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਬਾਦਲ ਪਰਿਵਾਰ ਨੂੰ ਵੀ ਨਿਸ਼ਾਨੇ ’ਤੇ ਰੱਖਿਆ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਪੰਜਾਬ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਹੋ ਗਿਆ ਤਾਂ ਇਸ ਪਰਿਵਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਆਪਣਾ ਪੈਂਤੜਾ ਬਦਲ ਲਿਆ। 

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਧਿਰਾਂ ਨੂੰ ਹੁਣ ਆਮ ਘਰ ਦੇ ਪੁੱਤ ਵੱਲੋਂ ਸੂਬੇ ਨੂੰ ਚਲਾਉਣਾ ਹਜ਼ਮ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਸਮਰਪਿਤ ਹੈ। ਉਨ੍ਹਾਂ ਅਫ਼ਸੋਸ ਕੀਤਾ ਕਿ ਪਹਿਲਾਂ ਇਹ ਵਾਗਡੋਰ ਅਜਿਹੇ ਲੋਕਾਂ ਦੇ ਹੱਥਾਂ ਵਿਚ ਸੀ, ਜੋ ਸੂਬੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੋਂ ਵੀ ਅੱਗੇ ਨਿਕਲ ਗਏ। ਉਨ੍ਹਾਂ ਵਾਅਦਾ ਕੀਤਾ ਕਿ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

LEAVE A REPLY

Please enter your comment!
Please enter your name here