*ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋਣਗੀਆਂ ਕੈਬਨਿਟ ਮੀਟਿੰਗਾਂ*

0
30

(ਸਾਰਾ ਯਹਾਂ/ਬਿਊਰੋ ਨਿਊਜ਼ ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ ਵੱਖੋ-ਵੱਖ ਸ਼ਹਿਰਾਂ ਤੇ ਪਿੰਡਾਂ ‘ਚ ਹੋਇਆ ਕਰਨਗੀਆਂ। ਉਨ੍ਹਾਂ ਕਿਹਾ ਹੈ ਕਿ ਅਸੀਂ ਲੋਕਾਂ ਦੀਆਂ ਦਫ਼ਤਰਾਂ ਤੇ ਚੰਡੀਗੜ੍ਹ ਆਉਣ ਵਾਲੀਆਂ ਖੱਜਲ-ਖ਼ੁਆਰੀਆਂ ਨੂੰ ਖ਼ਤਮ ਕਰਾਂਗੇ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ’ ਨਾਮ ਦੀ ਮੁਹਿੰਮ ਤਹਿਤ ਅੱਜ ਪਹਿਲੀ ਕੈਬਨਿਟ ਮੀਟਿੰਗ ਲੁਧਿਆਣਾ ਵਿੱਚ ਹੋਈ ਹੈ। 

ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ ਨਾਲ ਮਿਲੇਗੀ ਤਨਖ਼ਾਹ 

ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਦੇ ਸੋਧੇ ਹੋਏ ਸਕੇਲ ਦੇ ਹਿਸਾਬ ਨਾਲ ਤਨਖ਼ਾਹ ਮਿਲੇਗੀ। ਇਹ ਫੈਸਲਾ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। 

ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਡਰੱਗ ਲਬੌਰਟਰੀ ਲਈ ਪੱਕੇ ਮੁਲਾਜ਼ਮ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਾਬਾ ਬੁੱਢਾ ਜੀ ਦੇ ਨਾਮ ‘ਤੇ ਰਾਮਦਾਸ ‘ਚ ਪ੍ਰਬੰਧਕੀ ਬਲਾਕ ਬਣੇਗਾ।

ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਡਰੱਗ ਲੈਬਾਰਟਰੀਆਂ ਵਿੱਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਘਾਟ ਕਾਰਨ ਕਈ-ਕਈ ਦਿਨ ਸੈਂਪਲ ਲੈਬਾਰਟਰੀ ਵਿੱਚ ਪਏ ਰਹਿੰਦੇ ਹਨ। ਕੰਮ ਦਾ ਬੋਝ ਜ਼ਿਆਦਾ ਹੈ। ਅਜਿਹੇ ‘ਚ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨੂੰ ਡਰੱਗ ਲੈਬ ‘ਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀਟੀਯੂ) ਤੇ ਖੇਡ ਵਿਭਾਗ ਵਿੱਚ ਵੀ ਨਵੀਂਆਂ ਭਰਤੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ 1 ਮਈ ਤੋਂ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ। ਮਜ਼ਦੂਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ।

NO COMMENTS