*ਸੀਐਮ ਭਗਵੰਤ ਮਾਨ ਨੇ ਕੀਤੀ ਪੀਐਮ ਮੋਦੀ ਨਾਲ ਮੀਟਿੰਗ, ਇੱਕ ਲੱਖ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮੰਗਿਆ*

0
68

24,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਦੇ ਸੀਐਮ ਬਣਨ ਤੋਂ ਬਾਅਦ ਪੀਐਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ ਗਏ। ਉਨ੍ਹਾਂ ਨੇ ਪੰਜਾਬ ਦੀ ਮਾੜੀ ਵਿੱਤੀ ਹਾਲਤ ਦਾ ਹਵਾਲਾ ਦਿੰਦਿਆਂ ਸੂਬੇ ਲਈ ਇੱਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਮੁੱਦੇ ਪ੍ਰਧਾਨ ਮੰਤਰੀ ਸਾਹਮਣੇ ਰੱਖੇ। ਪ੍ਰਧਾਨ ਮੰਤਰੀ ਨੇ ਇਨ੍ਹਾਂ ਮਸਲਿਆਂ ਉੱਪਰ ਗੌਰ ਕਰਨ ਦਾ ਭਰੋਸਾ ਦਵਾਇਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਵੀਂ ਸਰਕਾਰ ਬਣਾਉਣ ਦੀ ਵਧਾਈ ਵੀ ਦਿੱਤੀ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਨੂੰ ਜਿੱਤ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਮੈਨੂੰ ਰਾਸ਼ਟਰੀ ਸੁਰੱਖਿਆ ‘ਤੇ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਦੋ ਸਾਲਾਂ ਲਈ ਹਰ ਇੱਕ ਸਾਲ ਵਿੱਚ 50000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣਗੇ।

ਜ਼ਿਕਰਯੋਗ ਹੈ ਕਿ ਕਿਸੇ ਵੀ ਨੇਤਾ ਦੇ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਰਵਾਇਤ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਐਮ ਭਗਵੰਤ ਮਾਨ ਨੇ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ‘ਤੇ ਦੱਸਿਆ ਸੀ ਕਿ ਉਨ੍ਹਾਂ ਨੇ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।

ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਜਿਸ ਤੋਂ ਬਾਅਦ ਮੀਟਿੰਗ ਦਾ ਸਮਾਂ ਤੈਅ ਕੀਤਾ ਗਿਆ। ਮਾਨ ਦਾ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਵੀ ਤੈਅ ਸੀ। ਹਾਲਾਂਕਿ ਇਸ ਬਾਰੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ।

NO COMMENTS