ਚੰਡੀਗੜ੍ਹ 17,ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਵਿਜੀਲੈਂਸ ਜਾਂਚ ਦੀਆਂ ਖ਼ਬਰਾਂ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਰੰਧਾਵਾ ਨੇ ਕਿਹਾ ਕਿ ਜੇਕਰ ਸਿੱਧੂ ਖਿਲਾਫ ਵਿਜੀਲੈਂਸ ਜਾਂਚ ਹੋ ਰਹੀ ਹੈ ਤਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਮਗਰੋਂ ਮੁੜ ਮੰਤਰੀ ਬਣਾਉਣ ਦੀ ਗੱਲ ਕਿਉਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਵਿਜੀਲੈਂਸ ਦੀ ਹਮੇਸ਼ਾਂ ਦੁਰਵਰਤੋਂ ਕੀਤੀ ਜਾਂਦੀ ਰਹੀ ਹੈ। ਰੰਧਾਵਾ ਨੇ ਕਿਹਾ ਕਿ ਸਿੱਧੂ ਨੂੰ ਖੁੱਲ੍ਹ ਕੇ ਇਨ੍ਹਾਂ ਮਾਮਲਿਆਂ ‘ਤੇ ਆਪਣਾ ਪੱਖ ਪੇਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਇੱਕ ਵਾਰ ਫਿਰ ਖੁੱਲ੍ਹ ਕੇ ਕਿਹਾ ਕਿ ਉਨ੍ਹਾਂ ਦੀ ਸਿੱਧੂ ਨਾਲ ਗੱਲਬਾਤ ਹੁੰਦੀ ਰਹਿੰਦੀ ਹੈ ਤੇ ਸਿੱਧੂ ਸਣੇ ਸਾਰੇ ਵਿਧਾਇਕਾਂ ਨਾਲ ਮੀਟਿੰਗਾਂ ਵੀ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਸਮੀਖਿਆ ਕਰਨ ਵਾਲੀਆਂ ਹਨ, ਕਿਉਂਕਿ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਕਾਂਗਰਸ ਬੈੱਕ ਫੁੱਟ ‘ਤੇ ਆ ਗਈ ਹੈ।
ਦਰਅਸਲ ਸਾਲ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਜਦੋਂ ਕਾਂਗਰਸ ਸਰਕਾਰ ਆਵੇਗੀ ਤਾਂ ਬੇਅਦਬੀ ਮਾਮਲੇ ਤੇ ਗੋਲੀ ਕਾਂਡ ਦੀ ਜਾਂਚ ਕਰਵਾਏਗੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਕਸੂਰਵਾਰਾਂ ਨੂੰ ਫੜ ਕੇ ਜੇਲ੍ਹ ਵਿੱਚ ਸੁੱਟ ਦਿੱਤਾ ਜਾਵੇਗਾ। ਕੈਪਟਨ ਨੇ ਚਾਰ ਸਾਲ ਜਾਂਚ ਕਰਵਾਈ ਪਰ ਹਾਈਕੋਰਟ ਦੇ ਫੈਸਲੇ ਨੇ ਪੂਰੀ ਤਸਵੀਰ ਬਦਲ ਦਿੱਤੀ ਹੈ।
ਰੰਧਾਵਾ ਨੇ ਕਿਹਾ ਕਿ ਉਹ ਸ੍ਰੀ ਗੁਰੂ ਸਾਹਿਬ ਦੀ ਬੇਅਦਬੀ ਮਾਮਲੇ ‘ਤੇ ਚੁੱਪ ਨਹੀਂ ਰਹਿ ਸਕਦੇ। ਉਹ ਨਸ਼ੇ ਦੇ ਮਾਮਲੇ ‘ਤੇ ਵੀ ਚੁੱਪ ਨਹੀਂ ਰਹਿ ਸਕਦੇ ਕਿਉਂਕਿ ਜਨਤਾ ਨੂੰ ਜਵਾਬ ਦੇਣਾ ਪੈਂਦਾ ਹੈ। ਇਸ ਸਬੰਧੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਮੀਟਿੰਗਾਂ ਦਾ ਇਹ ਦੌਰ ਅੱਗੇ ਵੀ ਜਾਰੀ ਰਹੇਗਾ।