ਚੰਡੀਗੜ੍ਹ 04,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਯੂਪੀ ਪੁਲਿਸ ਨੇ ਪੰਜਾਬ ਦਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਹਿਰਾਸਤ ‘ਚ ਲੈ ਲਿਆ ਹੈ। ਰੰਧਾਵਾ ਦਾ ਵਫ਼ਦ ਸੜਕ ਰਾਹੀਂ ਲਖੀਮਪੁਰ ਖੀਰੀ ਜਾ ਰਿਹਾ ਸੀ। ਯੂਪੀ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ।ਪੰਜਾਬ ਸਰਕਾਰ ਦੀਆਂ ਲਗਾਤਾਰ ਬੇਨਤੀਆਂ ਦੇ ਜਵਾਬ ਵਿੱਚ, ਯੂਪੀ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਕਾਰਨ, ਮੁਲਾਕਾਤਾਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਯੂਪੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।
ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਵੀ ਭੇਜਿਆ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਆਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਯੂਪੀ ਸਰਕਾਰ ਦੇ ਸਕੱਤਰ ਤਰੁਣ ਗਾਬਾ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਤੋਂ ਬਾਅਦ ਧਾਰਾ 144 ਲਗਾਈ ਗਈ ਹੈ, ਇਸ ਲਈ ਪੰਜਾਬ ਸਰਕਾਰ ਨੂੰ ਆਪਣੇ ਕਿਸਾਨਾਂ ਨੂੰ ਇਜਾਜ਼ਤ ਨਹੀਂ ਦੇਣੀ ਚਾਹੀਦੀ।
ਇਸ ਦੇ ਨਾਲ ਹੀ ਸੋਮਵਾਰ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੈਲੀਕਾਪਟਰ ਨੂੰ ਲਖਨਾਉ ਹੈਲੀਪੈਡ ‘ਤੇ ਉਤਰਨ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਖੁਦ ਲਖੀਮਪੁਰ ਖੀਰੀ ਜਾਣ ਦਾ ਫੈਸਲਾ ਕੀਤਾ ਅਤੇ ਯੂਪੀ ਸਰਕਾਰ ਤੋਂ ਹੈਲੀਕਾਪਟਰ ਉਤਰਨ ਅਤੇ ਵਾਪਸ ਉਡਾਣ ਭਰਨ ਦੀ ਆਗਿਆ ਮੰਗੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣਾ ਚਾਹੁੰਦੇ ਹਨ। ਯੂਪੀ ਸਰਕਾਰ ਨੂੰ ਉਨ੍ਹਾਂ ਦੀ ਮੁਲਾਕਾਤ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।
ਯੂਪੀ ਸਰਕਾਰ ਦੇ ਸਕੱਤਰ ਨੇ ਪੱਤਰ ਭੇਜਿਆ
ਪੰਜਾਬ ਦੇ ਕਿਸਾਨਾਂ ਨੂੰ ਲਖੀਮਪੁਰ ਖੀਰੀ ਵਿੱਚ ਆਉਣ ਤੋਂ ਰੋਕਣ ਲਈ ਯੂਪੀ ਸਰਕਾਰ ਦੇ ਸਕੱਤਰ ਨੇ ਪੰਜਾਬ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਨੂੰ ਪੱਤਰ ਭੇਜਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਤੋਂ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਕਿਸੇ ਨੂੰ ਵੀ ਯੂਪੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਦੀ ਅਗਵਾਈ ਵਾਲੇ ਅਧਿਕਾਰੀਆਂ ਦੇ ਵਫ਼ਦ ਨੂੰ ਯੂਪੀ ਜਾਣ ਲਈ ਕਿਹਾ ਸੀ। ਇਨ੍ਹਾਂ ਲੋਕਾਂ ਨੇ ਹੈਲੀਕਾਪਟਰ ਰਾਹੀਂ ਜਾਣਾ ਸੀ ਪਰ ਯੂਪੀ ਸਰਕਾਰ ਨੇ ਉਨ੍ਹਾਂ ਦੇ ਹੈਲੀਕਾਪਟਰ ਨੂੰ ਲਖਨਾਉ ਹਵਾਈ ਅੱਡੇ ‘ਤੇ ਉਤਰਨ ਹੀ ਨਹੀਂ ਦਿੱਤਾ। ਇਸ ਤੋਂ ਬਾਅਦ ਉਪ ਮੁੱਖ ਮੰਤਰੀ ਰੰਧਾਵਾ ਸੜਕ ਰਾਹੀਂ ਯੂਪੀ ਜਾ ਰਹੇ ਹਨ। ਹਾਲਾਂਕਿ, ਯੂਪੀ ਸਰਕਾਰ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਲਖੀਮਪੁਰ ਖੇੜੀ ਵਿੱਚ ਧਾਰਾ -144 ਲਾਗੂ ਕਰ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।