ਚੰਡੀਗੜ੍ਹ 02,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕੁਝ ਲੋਕਾਂ ਵਲੋਂ ਹਮਲਾ ਕੀਤਾ ਗਿਆ। ਉਨ੍ਹਾਂ ਦੀ ਕਾਰ ‘ਤੇ ਫਾਇਰਿੰਗ ਤੇ ਪਥਰਾਅ ਕੀਤਾ ਗਿਆ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਵੀ ਹੰਗਾਮਾ ਹੋਇਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ।
ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਖ਼ਬਰ ਮੀਟਿੰਗ ਵਿੱਚ ਆਈ ਤਾਂ ਅਕਾਲੀ ਆਗੂਆਂ ਨੇ ਇਸ ਘਟਨਾ ਦੀ ਸਖਤ ਨਿੰਦਾ ਕੀਤੀ। ਇੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਰਕਰਾਂ ਵਿਚਕਾਰ ਝੜਪਾਂ ਅਤੇ ਫਾਇਰਿੰਗ ਹੋਈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਦੀ ਕਾਰ ‘ਤੇ ਵੀ ਹਮਲਾ ਹੋਇਆ ਹੈ। ਇਸ ਤੋਂ ਬਾਅਦ, ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਨੂੰ ਰੋਕ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਕੋਰਟ ਪਰਿਸਰ ‘ਚ ਹਨ, ਜਿਥੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਬਾਦਲ ਨਗਰ ਕਾਉਂਸਿਲ ਚੋਣਾਂ ਲਈ ਆਪਣੇ ਉਮੀਦਵਾਰਾਂ ਨੂੰ ਨਾਮਜ਼ਦ ਕਰਵਾਉਣ ਲਈ ਐਸਡੀਐਮ ਦਫ਼ਤਰ ਪਹੁੰਚੇ। ਇਸ ਦੌਰਾਨ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ। ਕੁਝ ਲੋਕਾਂ ਨੇ ਸੁਖਬੀਰ ਬਾਦਲ ਦੀ ਕਾਰ ‘ਤੇ ਹਮਲਾ ਕਰ ਦਿੱਤਾ। ਪੁਲਿਸ ਪ੍ਰਸ਼ਾਸਨ ਨੇ ਇਸ ਸੰਬੰਧੀ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।