
ਚੰਡੀਗੜ,1 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਤਿੰਨਾਂ ਤਖ਼ਤਾਂ ਤੋਂ ਮਾਰਚ ਕੱਢੇ। ਇਹ ਰੋਸ ਮਾਰਚ ਚੰਡੀਗੜ ਸਥਿਤ ਪੰਜਾਬ ਦੇ ਗਵਰਨਰ ਹਾਊਸ ਲਈ ਰਵਾਨਾ ਹੋਏ। ਇਨ੍ਹਾਂ ਚੋਂ ਇਕ ਮਾਰਚ ਦੀ ਅਗਵਾਈ ਅੰਮ੍ਰਿਤਸਰ ਤੋਂ ਖੁਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ।
ਅਕਾਲੀ ਦਲ ਹੁਣ ਖ਼ੁਦ ਨੂੰ ਕਿਸਾਨਾਂ ਦੀ ਸਭ ਤੋਂ ਵੱਧ ਹਿਤੈਸ਼ੀ ਪਾਰਟੀ ਸਾਬਤ ਕਰਨਾ ਚਾਹੁੰਦਾ ਹੈ। ਇਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ ਵਜੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ। ਇਸ ਤੋਂ ਬਾਅਦ ਹੁਣ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਲਈ ਪੰਜਾਬ ਦੇ ਗਵਰਨਰ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਇੱਕ ਮੈਮੋਰੰਡਮ ਦੇਣ ਦਾ ਪ੍ਰੋਗਰਾਮ ਮਿੱਥਿਆ ਗਿਆ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਭਾਰਤ ਦੇ ਰਾਸ਼ਟਰਪਤੀ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਬੰਧੀ ਬਕਾਇਦਾ ਲੋਕ ਸਭਾ ਅਤੇ ਰਾਜ ਸਭਾ ਦਾ ਦੁਬਾਰਾ ਸੈਸ਼ਨ ਸੱਦਣ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਕਿਸਾਨਾਂ ਦੇ ਮੁੱਦੇ ‘ਤੇ ਉਨ੍ਹਾਂ ਦੀ ਸਿੱਧੀ ਲੜਾਈ ਕੇਂਦਰ ਸਰਕਾਰ ਦੇ ਨਾਲ ਹੈ। ਉਨ੍ਹਾਂ ਕਿਹਾ ਸਾਡੀ ਪਾਰਟੀ ਹਮੇਸ਼ਾ ਕਿਸਾਨਾਂ ਨਾਲ ਖੜ੍ਹਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਹੀ ਖੜ੍ਹੇਗੀ।
