
(ਸਾਰਾ ਯਹਾਂ/ਬਿਊਰੋ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਨੀਵਾਰ ਨੂੰ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ
ਦੀ ਸਰਕਾਰ ਨੂੰ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਰਕ ਬਣਾਉਣ ਵਾਲੇ ਗੈਂਗਸਟਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਲਈ ਮਜਬੂਰ ਕਰਨ ਦੀ ਅਪੀਲ ਕੀਤੀ ਹੈ।
15 ਦਿਨ ਪਹਿਲਾਂ ਫਿਰੌਤੀ ਲਈ ਅਗਵਾ ਕੀਤੇ ਗਏ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਦੇ 20 ਸਾਲਾ ਹਰਮਨਦੀਪ ਦੇ ਕਤਲ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਜਿਹੀ ਬਣ ਚੁੱਕੀ ਹੈ ਕਿ ਆਮ ਆਦਮੀ ਨੂੰ ਵੀ ਫਿਰੌਤੀ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਹਰਮਨਦੀਪ ਦੇ ਘਰਵਾਲਿਆਂ ਕੋਲ ਮਹਿਜ਼ 7 ਏਕੜ ਜ਼ਮੀਨ ਹੈ ਤੇ ਉਹ ਮੰਗੀ ਗਈ 30 ਲੱਖ ਦੀ ਫਿਰੌਤੀ ਦੇਣ ਤੋਂ ਅਸਮਰਥ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਕੋਈ ਵੀ ਸੁਰੱਖਿਅਤ ਨਹੀਂ ਹੈ। ਬਾਦਲ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਕੋਈ ਨਿਵੇਸ਼ ਨਹੀਂ ਆ ਰਿਹਾ ਹੈ ਅਤੇ ਉਦਯੋਗਪਤੀ ਅਤੇ ਵਪਾਰੀ ਸੂਬੇ ਤੋਂ ਬਾਹਰ ਜਾਣ ਬਾਰੇ ਸੋਚ ਰਹੇ ਹਨ।
ਪੰਜਾਬ ਦੇ ਇਸ ਹਾਲਾਤ ਲਈ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ
ਇਸ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਬਾਦਲ ਨੇ ਕਿਹਾ ਕਿ ਮਾਨ ਨੂੰ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਅਕਾਲੀ ਦਲ ਪ੍ਰਧਾਨ ਨੇ ਕਿਹਾ, “ਮੁੱਖ ਮੰਤਰੀ ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੇ ਹਨ। ਇੱਥੋਂ ਤੱਕ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਪੁਲਿਸ ਵੀ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੀ ਹੈ।” ਬਾਦਲ ਨੇ ਇਹ ਵੀ ਕਿਹਾ ਕਿ ਉਸ ਨੇ ਹਾਲ ਹੀ ਵਿੱਚ ਜਲੰਧਰ ਜ਼ਿਲ੍ਹੇ ਦੇ ਨਕੋਦਰ ਦਾ ਦੌਰਾ ਕੀਤਾ ਸੀ, ਜਿੱਥੇ ਇੱਕ ਵਪਾਰੀ ਨੂੰ ਫਿਰੌਤੀ ਦੀ ਰਕਮ ਨਾ ਦੇਣ ਕਾਰਨ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।
