ਸੁਤੰਤਰਤਾ ਦਿਵਸ ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦੇ ਹੋਏ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ ਮਾਨਸਾ

0
38

ਮਾਨਸਾ, 22 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ) :  ਸੁਤੰਤਰਤਾ ਦਿਵਸ ਸਮਾਰੋਹ ਨੂੰ ਸਫਲਤਾ ਪੂਰਵਕ ਅਤੇ ਉਤਸ਼ਾਹ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਮਾਗਮ ਦੌਰਾਨ ਹੋਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ।          ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਪੂਰਾ ਵਿਸ਼ਵ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ, ਜਿਸ ਤੋਂ ਬਚਾਅ ਲਈ ਹਰ ਜਗ੍ਹਾ ’ਤੇ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਵਾਰ 15 ਅਗਸਤ ਦੇ ਮੌਕੇ ਤੇ ਸੁਤੰਤਰਤਾ ਦਿਵਸ ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦੇ ਹੋਏ ਘੱਟ ਤੋਂ ਘੱਟ ਇਕੱਠ ਕਰਕੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਫੇਸ ਮਾਸਕ ਅਤੇ ਸੈਨੀਟਾਈਜ਼ਰ ਜਿਹੀਆਂ ਲੋੜੀਂਦੀਆਂ ਚੀਜ਼ਾਂ ਦੇ ਪ੍ਰਬੰਧ ਦਾ ਖਾਸ ਖਿਆਲ ਰੱਖਿਆ ਜਾਵੇਗਾ ਅਤੇ ਸੁਤੰਤਰਤਾ ਦਿਵਸ ਸਿਹਤ ਵਿਭਾਗ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਦੌਰਾਨ ਕੱਢੀਆਂ ਜਾਣ ਵਾਲੀਆਂ ਝਾਕੀਆਂ ਸਮਾਜਿਕ ਮੁੱਦਿਆਂ ਅਤੇ ਸਰਕਾਰ ਦੀਆਂ ਉਪਲੱਬਧੀਆਂ ਨਾਲ ਸਬੰਧਤ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਹਿੱਸਾ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਵੀ ਪ੍ਰਸੰਸ਼ਾ ਪੱਤਰਾਂ ਦੀ ਵੰਡ ਕੀਤੀ ਜਾਵੇਗੀ।           ਮੀਟਿੰਗ ਦੌਰਾਨ ਉਨ੍ਹਾਂ ਇਸ ਸਮਾਰੋਹ ਦੌਰਾਨ ਵੱਖ-ਵੱਖ ਗੇਟਾਂ ਤੋਂ ਹੋਣ ਵਾਲੇ ਦਾਖਲਿਆਂ, ਸਕੂਲੀ ਵਿਦਿਆਰਥੀਆਂ ਤੇ ਆਮ ਪਬਲਿਕ ਦੇ ਪੀਣ ਲਈ ਪਾਣੀ, ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣ ਵਾਲੀ ਸਜਾਵਟ, ਸਵਾਗਤੀ ਦਰਵਾਜ਼ੇ, ਸਮਾਗਮ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ, ਸੁਰੱਖਿਆ ਇੰਤਜ਼ਾਮ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਕਿਹਾ ਕਿ ਸੁਤੰਤਰਤਾ ਸਮਾਗਮ ਮੌਕੇ ਵੱਖ-ਵੱਖ ਥਾਵਾਂ ’ਤੇ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਮੁੱਖ ਗੇਟ ਤੋਂ ਇਲਾਵਾ ਹੋਰ ਬਾਕੀ ਦੇ ਦਰਵਾਜਿਆਂ ਤੇ ਵੀ ਪੈਰਾਂ ਨਾਲ ਚੱਲਣ ਵਾਲੀਆਂ ਹੱਥ ਧੋਣ ਵਾਲੀਆਂ ਮਸ਼ੀਨਾਂ ਲਗਾਈਆਂ ਜਾਣਗੀਆਂ। ਉਨ੍ਹਾਂ ਮੈਡੀਕਲ ਟੀਮ ਤੋਂ ਇਲਾਵਾ ਫਾਇਰ ਬਰੀਗੇਡ ਦਾ ਵੀ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।          ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ।          ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਅਮਰਪ੍ਰੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ-ਕਮ-ਸਹਾਇਕ ਕਮਿਸ਼ਨਰ (ਜ) ਰਾਜਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।   

NO COMMENTS