ਮੁਹਾਲੀ 25 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੱਕੀ ਜ਼ਮਾਨਤ ਦੇਣ ਦੀ ਕਾਰਵਾਈ ਅੱਗੇ ਟਲ ਗਈ ਹੈ।
ਦੱਸ ਦਈਏ ਕਿ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਅੱਜ ਦੁਬਾਰਾ ਤੋਂ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਬਰਕਰਾਰ ਰੱਖਦਿਆਂ ਪੱਕੀ ਜ਼ਮਾਨਤ ਦੇਣ ਸਬੰਧੀ ਸੁਣਵਾਈ 6 ਜੁਲਾਈ ਤੱਕ ਅੱਗੇ ਪਾ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਇਸ ਬਹੁ-ਚਰਚਿਤ ਕੇਸ ਦੀ ਪੈਰਵੀ ਲਈ ਨਿਯੁਕਤ ਕੀਤੇ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਤੇ ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਤੇ ਉਨ੍ਹਾਂ ਵਿੱਚ ਭਖਵੀਂ ਬਹਿਸ ਹੋਈ। ਉਂਜ ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿੱਚ ਹਾਜ਼ਰ ਸੀ।