*‘ਸੁਸ਼ਾਸਨ ਹਫ਼ਤੇ’ ਤਹਿਤ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਸਬੰਧੀ ਕੈਂਪ ਲਗਾਇਆ*

0
8

ਮਾਨਸਾ, 19 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਭੀਖੀ ਵਿਖੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਦੀ ਅਗਵਾਈ ਵਿਚ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਕੰਮਕਾਜ ਕਰਵਾਉਣ ਵਿਚ ਆਮ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ, ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਦਾ ਮੌਕੇ ’ਤੇ ਹੀ ਸਬੰਧਤ ਵਿਭਾਗੀ ਅਧਿਕਾਰੀ ਪਾਸੋਂ ਨਿਪਟਾਰਾ ਕਰਵਾਇਆ ਜਾ ਸਕੇ, ਇਸ ਮੰਤਵ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸੁਸ਼ਾਸਨ ਹਫ਼ਤੇ’ ਤਹਿਤ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸੁਵਿਧਾ ਲਈ 15 ਦਿਨਾਂ ਬਾਅਦ ਮੁੜ ਤੋਂ ਇਹ ਕੈਂਪ 4 ਜਨਵਰੀ, 2023 ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਭੀਖੀ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਹਾ ਲਿਆ ਜਾਵੇ।
ਕੈਂਪ ਦੌਰਾਨ ਆਏ ਲੋਕਾਂ ਪਾਸੋਂ ਕੁੱਲ 22 ਦਰਖ਼ਾਸਤਾਂ ਪ੍ਰਾਪਤ ਹੋਈਆਂ। ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀਆਂ ਵੱਖ ਵੱਖ ਸਮੱਸਿਆਵਾਂ ਜਾਂ ਸ਼ਿਕਾਇਤਾਂ ਲੈ ਕੇ ਆਏ ਲੋਕਾਂ ਨਾਲ ਗੱਲਬਾਤ ਕੀਤੀ। ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ਜਿੰਨ੍ਹਾਂ ਦਰਖ਼ਾਸਤਾਂ ਦਾ ਮੌਕੇ ’ਤੇ ਨਿਪਟਾਰਾ ਸੰਭਵ ਸੀ ਉਨ੍ਹਾਂ ਦਾ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ ਅਤੇ ਕੁਝ ਦਰਖ਼ਾਸਤਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਪਟਾਰੇ ਅਤੇ ਅਗਲੇਰੀ ਕਾਰਵਾਈ ਲਈ ਦਿੱਤੀਆਂ। ਉਨ੍ਹਾਂ ਇਸ ਮੌਕੇ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਅਤੇ ਪਾਲਿਸੀਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਵੱਖ ਵੱਖ ਅਧਿਕਾਰੀਆਂ ਪਾਸੋਂ ਉਨ੍ਹਾਂ ਨੂੰ ਅਲਾਟ ਕੀਤੇ ਕਲਸਟਰ-ਬਲਾਕ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦਾ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਜਿਸ ਕੰਮ ਵਿਚ ਕੋਈ ਕਮੀ ਪੇਸ਼ੀ ਹੋਵੇ ਉਸ ਸਬੰਧੀ ਬਿਨੈਕਾਰ ਨੂੰ ਜਾਣੂ ਕਰਵਾਉਂਦਿਆਂ ਉਸ ਦਾ ਹੱਲ ਕੀਤਾ ਜਾਵੇ।
ਇਸ ਮੌਕੇ ਤਹਿਸੀਲਦਾਰ ਸ੍ਰੀ ਮਨਮੋਹਨ ਸਿੰਘ, ਕਾਰਜਸਾਧਕ ਅਫ਼ਸਰ ਸ੍ਰੀ ਅਸ਼ੀਸ਼ ਕੁਮਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਬਲਦੇਵ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

LEAVE A REPLY

Please enter your comment!
Please enter your name here