
ਮਾਨਸਾ, 27 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ) : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਹੱਲ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਸ਼੍ਰੀ ਵਿਜੇ ਸਿੰਗਲਾ ਨੇ ਪਿੰਡ ਅਕਲੀਆ ਦੇ ਗੁਰੂ ਘਰ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਸ਼੍ਰੀ ਵਿਜੇ ਸਿੰਗਲਾ ਨੇ ਕਿਹਾ ਕਿ ਲੋਕਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਕਰਨ ਵਿੱਚ ਇਹ ਕੈਂਪ ਲਾਭਦਾਇਕ ਸਾਬਿਤ ਹੋ ਰਹੇ ਹਨ ਅਤੇ ਅਜਿਹੇ ਕੈਂਪਾਂ ਰਾਹੀਂ ਲੋਕਾਂ ਤੋਂ ਮਿਲਣ ਵਾਲੀ ਫੀਡਬੈਕ ਵੀ ਕਾਰਗਰ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੁਵਿਧਾ ਕੈਂਪ ਵਿੱਚ ਆਪਣੇ ਮਸਲੇ ਸ਼ਿਕਾਇਤਾਂ ਅਤੇ ਹੋਰ ਪ੍ਰਸ਼ਾਨਿਕ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਮੌਕੇ ’ਤੇ ਹੀ ਬਣਦੀ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਖਾਵੇਂ ਮਾਹੌਲ ਵਿੱਚ ਸਰਕਾਰੀ ਸੇਵਾਵਾਂ ਦਾ ਲਾਭ ਇੱਕੋ ਛੱਤ ਹੇਠ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ।
ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਇਸ ਕੈਂਪ ਵਿੱਚ ਮਾਲ ਵਿਭਾਗ , ਸਿਹਤ ਵਿਭਾਗ, ਪੰਚਾਇਤ ਵਿਭਾਗ , ਮਗਨਰੇਗਾ, ਸਮਾਜਿਕ ਸੁਰੱਖਿਆ ਅਤੇ ਖੇਤੀਬਾੜੀ ਤੇ ਹੋਰ ਸਹਾਇਕ ਧੰਦਿਆਂ ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਿਨੈ ਪੱਤਰਾਂ ’ਤੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਵਿੱਚ ਰਹਿ ਰਹੇ ਆਮ ਲੋਕਾਂ ਦੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਦਾ ਹੱਲ ਜਨ ਸੁਣਵਾਈ ਕੈਂਪ ਲਗਾ ਕੇ ਕੀਤਾ ਜਾ ਰਿਹਾ ਹੈ ਜੋ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗਾ।
ਇਸ ਮੌਕੇ ਐਸ.ਐਸ.ਪੀ. ਮਾਨਸਾ ਡਾ. ਨਾਨਕ ਸਿੰਘ, ਐਸ.ਡੀ.ਐਮ. ਮਾਨਸਾ ਸ਼੍ਰੀ ਪ੍ਰਮੋਦ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਆਗੂ ਹਾਜ਼ਰ ਸਨ।
