*ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ‘ਤੇ ਜਾ ਕੇ ਕਰਨ ਲਈ ਵਚਨਬੱਧ-ਵਿਜੈ ਸਿੰਗਲਾ*

0
70

ਮਾਨਸਾ, 23 ਫਰਵਰੀ (ਸਾਰਾ ਯਹਾਂ/  ਮੁੱਖ ਸੰਪਾਦਕ): ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ‘ਤੇ ਜਾ ਕੇ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਖੀਵਾ ਕਲਾਂ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਐੱਸ.ਪੀ ਡਾ. ਨਾਨਕ ਸਿੰਘ ਅਤੇ ਐਸ.ਡੀ.ਐਮ ਮਾਨਸਾ ਸ੍ਰੀ ਪ੍ਰਮੋਦ ਸਿੰਗਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਸੁਣੀਆਂ। ਉਨ੍ਹਾਂ ਵੱਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਉੱਥੇ ਹੀ ਕਈ ਹੋਰ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨਾਲ ਸਤਿਕਾਰ ਸਹਿਤ ਪੇਸ਼ ਆਇਆ ਜਾਵੇ ਤੇ ਉਨ੍ਹਾਂ ਦੇ ਜਾਇਜ਼ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਕੈਂਪ ਦੌਰਾਨ ਪਿੰਡਾਂ ਵਾਸੀਆਂ ਵੱਲੋਂ ਸ਼ਗਨ ਸਕੀਮ, ਪੈਨਸ਼ਨਾਂ, ਪੀਣ ਵਾਲੇ ਪਾਣੀ, ਨਜ਼ਾਇਜ਼ ਕਬਜ਼ੇ, ਗਲੀਆਂ-ਨਾਲੀਆਂ ਦੀ ਮੁਰੰਮਤ, ਨਹਿਰੀ ਪਾਣੀ ਦੀ ਸਮੱਸਿਆ, ਛੱਪੜਾ ਦੀ ਸਾਫ਼-ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਕਰਨ, ਖੇਡ ਮੈਦਾਨ ਬਣਾਉਣ, ਕੱਚੇ ਰਸਤੇ ਪੱਕੇ ਕਰਵਾਉਣ ਆਦਿ ਮੁਸ਼ਕਿਲਾਂ ਧਿਆਨ ਵਿੱਚ ਲਿਆਂਦੀਆਂ ਗਈਆਂ। ਐਸ.ਡੀ.ਐਮ ਸ੍ਰੀ ਪ੍ਰਮੋਦ ਸਿੰਗਲਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਵੱਲੋਂ ਪ੍ਰਾਪਤ ਵੱਖ ਵੱਖ ਦਰਖਾਸਤਾਂ ਨੂੰ ਸਬੰਧਤ ਅਧਿਕਾਰੀਆਂ ਨੂੰ ਮਾਰਕ ਕਰਦਿਆਂ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਡੀ.ਐਸ.ਪੀ ਸ੍ਰੀ ਸੰਜੀਵ ਗੋਇਲ, ਬੀ.ਡੀ.ਪੀ.ਓ, ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

NO COMMENTS