
ਚੰਡੀਗੜ੍ਹ, ਮਾਰਚ 1 (ਸਾਰਾ ਯਹਾਂ/ ਮੁੱਖ ਸੰਪਾਦਕ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ।ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ।
ਮੁੱਖ ਦਫ਼ਤਰ ਦੇ ਜਨਰਲ ਮੈਨੇਜਰਾਂ ਅਤੇ ਵੱਖੋ-ਵੱਖ ਜ਼ਿਲਿਆਂ ਵਿੱਚ ਤਾਇਨਾਤ ਜ਼ਿਲਾ ਮੈਨੇਜਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਂਦੇ ਹੋਏ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਅਜੋਕੇ ਸਮੇਂ ਦਾ ਹਾਣੀ ਬਣਦੇ ਹੋਏ ਵਿਭਾਗੀ ਕੰਮਕਾਜ ਵਿੱਚ ਪਰੰਪਰਾਗਤ ਢੰਗ-ਤਰੀਕਿਆਂ ਦੀ ਥਾਂ ਨਵੀਨਤਮ ਕਾਰਜ ਵਿਧੀ ਅਪਣਾਈ ਜਾਵੇ।ਉਹਨਾਂ ਇਹ ਵੀ ਕਿਹਾ ਕਿ ਮੌਜੂਦਾ ਸਮਾਂ ਮੁਕਾਬਲੇਬਾਜ਼ੀ ਦਾ ਸਮਾਂ ਹੈ ਇਸ ਲਈ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖ਼ਾਰਨ ਲਈ ਵਿਭਾਗ ਨੂੰ ਨਿਵੇਕਲੀਆਂ ਤਕਨੀਕਾਂ ਅਪਣਾਉਣ ਉੱਤੇ ਧਿਆਨ ਦੇਣਾ ਚਾਹੀਦਾ ਹੈ।
ਸੂਬੇ ਨੂੰ ਆਰਥਿਕ ਪੱਖ ਤੋਂ ਹੁਲਾਰਾ ਦੇਣ ਨੂੰ ਸਰਕਾਰ ਦੀ ਤਰਜੀਹ ਦੱਸਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ, ਬਿਜਲੀ, ਸਿਹਤ ਅਤੇ ਸਿੱਖਿਆ ਆਦਿ ਪ੍ਰਮੁੱਖ ਖੇਤਰਾਂ ਉੱਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।ਇਸ ਮੌਕੇ ਉਹਨਾਂ ਪਨਸਪ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਅਦਾਰੇ ਵੱਲੋਂ ਆਪਣੀ ਆਮਦਨ ਵਧਾਉਣ ਲਈ ਅੰਮਿ੍ਰਤਸਰ, ਬਠਿੰਡਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਜਲੰਧਰ ਅਤੇ ਖਰੜ (ਮੋਹਾਲੀ) ਵਿਖੇ ਐਲ.ਪੀ.ਜੀ. ਗੈਸ ਏਜੰਸੀਆਂ ਚਲਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਉਹਨਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਅਦਾਲਤਾਂ ਵਿੱਚ ਅਦਾਰੇ ਦੇ ਲੰਬਿਤ ਮਾਮਲਿਆਂ ਵਿੱਚ ਕਮੀ ਲਿਆਉਣ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਮੰਤਰੀ ਨੇ ਅਧਿਕਾਰੀਆਂ ਨੂੰ ਅਦਾਰੇ ਵਿੱਚ ਕੰਮ ਕਰਦੇ ਇੰਸਪੈਕਟਰਾਂ ਦੀ ਮੀਟਿੰਗ ਜਲਦ ਬੁਲਾਉਣ ਦੀ ਹਿਦਾਇਤ ਕਰਦੇ ਹੋਏ ਇਹ ਵੀ ਕਿਹਾ ਕਿ ਗੁਦਾਮਾਂ ਵਿੱਚ ਪਏ ਅਨਾਜ ਦੀ ਸਾਂਭ-ਸੰਭਾਲ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ ਕਿਉਂਜੋ ਇਹ ਅਨਾਜ ਕਿਸਾਨਾਂ ਵਲੋਂ ਖ਼ੂਨ-ਪਸੀਨਾ ਇੱਕ ਕਰਕੇ ਪੈਦਾ ਕੀਤਾ ਗਿਆ ਹੈ।
ਇਸ ਮੌਕੇ ਪਨਸਪ ਦੀ ਐਮ.ਡੀ. ਅੰਮ੍ਰਿਤ ਕੌਰ ਗਿੱਲ ਵੱਲੋਂ ਸ੍ਰੀ ਕਟਾਰੂਚੱਕ ਦਾ ਇਸ ਗੱਲ ਲਈ ਧੰਨਵਾਦ ਕੀਤਾ ਗਿਆ ਕਿ ਪਨਸਪ ਵੱਲੋਂ ਆਟਾ-ਦਾਲ ਸਕੀਮ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਯੂਨੀਅਨ ਬੈਂਕ ਆਫ਼ ਇੰਡੀਆ ਦੇ 350 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਕਰਕੇ ਸਰਕਾਰ ਵੱਲੋਂ ਅਦਾਰੇ ਨੂੰ ਵਿੱਤੀ ਰਾਹਤ ਦਿੱਤੀ ਗਈ।
