*ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ-ਗੁਰਮੀਤ ਸਿੰਘ ਖੁੱਡੀਆਂ*

0
9

ਮਾਨਸਾ, 08 ਸਤੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਖਿਡਾਰੀਆਂ ਨੂੰ ਖੇਡਾਂ ਵਿਚ ਦਿਲਚਸਪੀ ਨਾਲ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਵਿਚ ਨਿਖਾਰ ਲਿਆਉਣਾ ਚਾਹੀਦਾ ਹੈ। ਜਿਹੜੇ ਖਿਡਾਰੀ ਮਿਹਨਤ ਤੇ ਦ੍ਰਿੜਤਾ ਨਾਲ ਖੇਡਾਂ ਪ੍ਰਤੀ ਆਪਣੇ ਜੀਵਨ ਨੂੰ ਸਮਰਪਿਤ ਕਰਦੇ ਹਨ ਉਹ ਯਕੀਨੀ ਤੌਰ ’ਤੇ ਕੌਮੀ ਅਤੇ ਬਹੁਕੌਮੀ ਪੱਧਰ ’ਤੇ ਪ੍ਰਾਪਤੀਆਂ ਦਰਜ ਕਰਨ ਦੇ ਸਮਰੱਥ ਬਣਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ, ਝੰਡਾ ਕਲਾਂ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਮੌਕੇ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ ਵੱਲੋਂ ਖੇਡ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨਾਲ ਜੁੜਨ ਸਦਕਾ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੌਮੀ ਖੇਡਾਂ ਵਿੱਚ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਗਏ ਹਨ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ ਝੰਡਾ ਕਲਾਂ ਨੂੰ50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਪਿੰਡ ਵਿਚ ਪਸ਼ੂ ਡਿਸਪੈਂਸਰੀ, ਪਿੰਡ ਦੇ ਸਕੂਲ ਨੂੰ ਅਪਗਰੇਡ ਕਰਨ, ਆਮ ਆਦਮੀ ਕਲੀਨਕ ਲਿਆਉਣ ਦਾ ਭਰੋਸਾ ਦਿੱਤਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਵੱਧ ਤੋਂ ਵੱਧ ਰੁਚੀ ਲੈ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦਾ ਸਰੀਰਿਕ ਤੇ ਮਾਨਸਿਕ ਵਿਕਾਸ ਹੋ ਸਕੇ ਅਤੇ ਉਹ ਆਪਣੇ ਇਲਾਕੇ ਦੇ ਨਾਲ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਾਲ ਹੋਣ ਵਾਲੇ ’ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਿਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।
ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਐਸ.ਪੀ. (ਐਚ) ਸ੍ਰੀ ਜਸਕੀਰਤ ਸਿੰਘ, ਡੀ.ਐਸ.ਪੀ ਸਰਦੂਲਗੜ੍ਹ ਸ੍ਰੀ ਪ੍ਰਿਤਪਾਲ ਸਿੰਘ, ਕਲੱਬ ਪ੍ਰਧਾਨ ਸ੍ਰੀ ਬਲਵਿੰਦਰ ਸਿੰਘ, ਮੀਤ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ ਲੱਡਾ, ਸਰਪ੍ਰਸਤ ਸ੍ਰੀ ਜਸਵੀਰ ਸਿੰਘ, ਇਕਬਾਲ ਸਿੰਘ, ਬਲਜੀਤ ਪਾਲ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here