
ਬਾਬਾ ਬਕਾਲਾ (ਅੰਮ੍ਰਿਤਸਰ), 30 ਅਗਸਤ(ਸਾਰਾ ਯਹਾਂ/ਬੀਰਬਲ ਧਾਲੀਵਾਲ):
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਖਰੇਵੇਂ ਰਹਿਤ ਸਮਾਜ ਦੀ ਸਿਰਜਣਾ ਲਈ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ ਵੱਲੋਂ ਸਿਖਾਏ ਗਏ ਰਸਤੇ ਉਤੇ ਚੱਲਦਿਆਂ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਹਮੇਸ਼ਾ ਹੀ ਵਿਲੱਖਣ ਅਨੁਭਵ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।

ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ ‘ਤੇ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਦੇ ਮਜ਼ਬੂਤ ਬੰਧਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਨੂੰ ਮੁੜ ਦ੍ਰਿੜ੍ਹ ਕਰਨ ਦਾ ਮੌਕਾ ਹੈ, ਜੋ ਸਾਨੂੰ ਬਿਹਤਰ ਇਨਸਾਨ ਬਣਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਸ਼ਾਂਤੀ, ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।
