ਚੰਡੀਗੜ੍ਹ, 7 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ ਕੀਤੇ ਗਏ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਿੱਖਿਆ ਮੰਤਰੀ ਨੇ ਦੱਸਿਆ ਕਿ ਨਾਬਾਰਡ ਦੇ 27 ਬੀ ਪ੍ਰਾਜੈਕਟ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 274 ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ ਕੁੱਲ 8.25 ਕਰੋੜ ਰੁਪਏ ਦੀ ਰਾਸ਼ੀ ਸਬੰਧਤ ਜ਼ਿਲਾ ਸਿੱਖਿਆ ਦਫਤਰਾਂ ਦੇ ਖਾਤਿਆਂ ਵਿੱਚ ਸਿੱਧੀ ਭੇਜ ਦਿੱਤੀ ਗਈ ਹੈ। ਉਨ੍ਹਾਂ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਸਹੀ ਤਰੀਕੇ ਨਾਲ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।
ਸ. ਪਰਗਟ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਵਚਨਬੱਧ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਗੁਣਾਤਮਕ ਸਿੱਖਿਆ ਉਤੇ ਜ਼ੋਰ ਦਿੱਤਾ ਗਿਆ। ਸਮਾਰਟ ਕਲਾਸ ਰੂਮ ਬਣਾਉਣ ਦੇ ਨਾਲ ਅਧਿਆਪਕਾਂ ਦੀ ਭਰਤੀ ਵੀ ਕੀਤੀ ਗਈ ਜਿਸ ਦੇ ਚੱਲਦਿਆਂ ਪੰਜਾਬ ਪੀ.ਜੀ.ਆਈ. ਸਕੋਰ ਵਿੱਚ ਭਾਰਤ ਦਾ ਨੰਬਰ ਇਕ ਸੂਬਾ ਬਣਿਆ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪੁਲਾਂਘਾ ਪੁੱਟੇਗਾ।
———