ਮਾਨਸਾ, 17 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਵਨ-ਸਟਾਪ ਵੈਬ ਪੋਰਟਲ ਦੇ ਰੂਪ ਵਿੱਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਸਹੂਲਤ ਹੁਣ ਸੇਵਾ ਕੇਂਦਰਾਂ ਰਾਹੀਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਵਿਕਸਤ ਕੀਤੇ ਗਏ ਇਸ ਪੋਰਟਲ ਰਾਹੀਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਕੇ ਹੁਣ ਕੋਈ ਵੀ ਨਾਗਰਿਕ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in ‘ਤੇ ਜਮਾਂ ਕਰਵਾ ਸਕਦਾ ਹੈ ਜਾਂ ਫੇਰ ਨੇੜੇ ਦੇ ਸੇਵਾ ਕੇਂਦਰ ਵਿੱਚ ਜਾ ਕੇ ਆਪਣੀ ਅਰਜ਼ੀ ਦੇ ਸਕਦਾ ਹੈ।ਉਨ੍ਹਾਂ ਦੱਸਿਆ ਪੀ.ਜੀ.ਆਰ.ਐਸ. ਵੈਬ ਪੋਰਟਲ ‘ਤੇ ਸੇਵਾ ਕੇਂਦਰ ਤੋਂ ਅਰਜੀ ਦੇਣ ਸਮੇਂ 10 ਰੁਪਏ ਸੇਵਾ ਫੀਸ ਲਈ ਜਾਵੇਗੀ ਅਤੇ ਇਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਸਰਕਾਰੀ ਫੀਸ ਨਹੀ ਵਸੂਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੋਰਟਲ ਦੇ ਜ਼ਰੀਏ, ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣਕਾਰੀ ਲੈ ਸਕਣਗੇ ਅਤੇ ਉਨ੍ਹਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਐਸ.ਐਮ.ਐਸ. ਦੁਆਰਾ ਸੂਚਿਤ ਕੀਤਾ ਜਾਵੇਗਾ। ਸ਼ਿਕਾਇਤ ਦਾ ਹੱਲ ਹੋਣ ‘ਤੇ ਉਨਾਂ ਨੂੰ ਫੋਨ ਕਾਲ ਆਵੇਗੀ ਅਤੇ ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚਾਈ ਜਾਵੇਗੀ।