05,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਨੂੰ 25 ਦਿਨ ਹੋ ਗਏ ਹਨ ਪਰ ਅਜੇ ਤੱਕ ਪਾਰਟੀ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਦਾ ਐਲਾਨ ਨਹੀਂ ਕੀਤਾ ਹੈ। ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਤੋਂ ਬਾਅਦ ਕਾਂਗਰਸ ਅਗਲੇ ਸੂਬਾ ਪ੍ਰਧਾਨ ਬਾਰੇ ਫੈਸਲਾ ਲੈ ਸਕਦੀ ਹੈ।
ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਲੁਧਿਆਣਾ ਤੋਂ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਤੇ ਅਮਰਿੰਦਰ ਰਾਜਾ ਦੇ ਨਾਂ ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਹਨ। ਹਾਲਾਂਕਿ ਵੀਰਵਾਰ ਨੂੰ ਹੋਣ ਵਾਲੀ ਬੈਠਕ ਤੋਂ ਠੀਕ ਇਕ ਦਿਨ ਪਹਿਲਾਂ ਰਵਨੀਤ ਸਿੰਘ ਬਿੱਟੂ ਨੇ ਪੀਐਮ ਮੋਦੀ ਨਾਲ ਮੁਲਾਕਾਤ ਕਰਕੇ ਕਾਂਗਰਸ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।
ਸਿੱਧੂ ਵੀ ਠੋਕ ਰਹੇ ਹਨ ਦਾਅਵਾ
ਰਿਪੋਰਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਹਫਤੇ ਦੇ ਅੰਤ ਤੱਕ ਕਾਂਗਰਸ ਪਾਰਟੀ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਕਰ ਸਕਦੀ ਹੈ। ਪਿਛਲੇ ਦੋ ਹਫ਼ਤਿਆਂ ਤੋਂ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਨਵਜੋਤ ਸਿੱਧੂ ਆਮ ਆਦਮੀ ਪਾਰਟੀ ‘ਤੇ ਵੀ ਹਮਲਾਵਰ ਹਨ। ਮੰਨਿਆ ਜਾ ਰਿਹਾ ਹੈ ਕਿ ਸਿੱਧੂ ਪ੍ਰਧਾਨ ਦੇ ਅਹੁਦੇ ‘ਤੇ ਵੀ ਆਪਣਾ ਦਾਅਵਾ ਠੋਕ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕਾਂਗਰਸ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਸ ਦੇ ਨੇਤਾਵਾਂ ਦਾ ਆਪਸੀ ਮਤਭੇਦ ਹੈ। ਪਿਛਲੇ ਸਾਲ ਦੀ ਸ਼ੁਰੂਆਤ ਤੋਂ ਹੀ ਕਾਂਗਰਸ ਅੰਦਰ ਅੰਦਰੂਨੀ ਕਲੇਸ਼ ਤੇਜ਼ ਹੋ ਗਿਆ ਸੀ। ਇਸੇ ਕਾਰਨ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਉਤਾਰਿਆ ਸੀ ਪਰ ਕਾਂਗਰਸ ਪਾਰਟੀ ਦੀ ਇਹ ਬਾਜ਼ੀ ਕੰਮ ਨਹੀਂ ਆਈ।