
ਚੰਡੀਗੜ, 27 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ): ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਮਈ 2021 ਵਿੱਚ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 473 ਅਸਾਮੀਆਂ ਵਿੱਚੋਂ 202 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਹਨ ਜਦੋਂਕਿ 117 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।
ਸ੍ਰੀ ਸੋਨੀ ਨੇ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਰਾਜ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।
ਸ੍ਰੀ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਸੁਜਾਤਾ ਸ਼ਰਮਾ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਅਕਾਸ਼ਦੀਪ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
