
ਚੰਡੀਗੜ੍ਹ, 27 ਜਨਵਰੀ (ਸਾਰਾ ਯਹਾਂ /ਮੁੱਖ ਸੰਪਾਦਕ) :ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਸ੍ਰੀ ਸੋਨੀ ਨੇ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ, ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਤੇ ਹੁਸ਼ਿਆਰਪੁਰ,ਪੀ.ਡਬਲਿਊ.ਡੀ. ਦੇ ਚੀਫ਼ ਇੰਜਨੀਅਰ, ਚੀਫ਼ ਆਰਕੀਟੈਕਟ ਪੰਜਾਬ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਸਥਾਪਨਾ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਇਨ੍ਹਾਂ ਕਾਲਜਾਂ ਸਬੰਧੀ ਤਿਆਰ ਨਕਸ਼ਿਆਂ ਅਤੇ ਹੋਰ ਨੁਕਤਿਆਂ ਬਾਰੇ ਵਿਸਥਾਰਤ ਚਰਚਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਕਾਲਜਾਂ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਤੈਅ ਮਿਤੀ ਤੱਕ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਹੋਣਾ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਉਨ੍ਹਾਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਵੀ.ਕੇ. ਤਿਵਾੜੀ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਇਨ੍ਹਾਂ ਕਾਲਜਾਂ ਸਬੰਧੀ ਲੋੜੀਂਦੀਆਂ ਮੀਟਿੰਗਾਂ ਕਰਕੇ ਸਾਰੇ ਕਾਰਜ ਮੁਕੰਮਲ ਕਰਨ ਲਈ ਵੀ ਕਿਹਾ ਗਿਆ।ਸ੍ਰੀ ਸੋਨੀ ਨੇ ਇਨ੍ਹਾਂ ਕਾਲਜਾਂ ਦੀ ਉਸਾਰੀ ਸਬੰਧੀ ਟੈਂਡਰ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਲਜਾਂ ਦੀ ਉਸਾਰੀ ਦੌਰਾਨ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਇਹ ਕਾਲਜ ਨਵੀਨਤਮ ਤਕਨੀਕਾਂ ਦੇ ਹਾਣ ਦੇ ਹੋਣ।——————–
