ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ: ਸਾਧੂ ਸਿੰਘ ਧਰਮਸੋਤ

0
10

ਚੰਡੀਗੜ, 6 ਅਗਸਤ  (ਸਾਰਾ ਯਹਾ, ਬਲਜੀਤ ਸ਼ਰਮਾ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਹਰਿਆ-ਭਰਿਆ ਬਣਾਇਆ ਜਾਵੇਗਾ।ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ’ਚ 400 ਬੂਟੇ ਲਾਉਣ ਦਾ ਐਲਾਨ ਕਰ ਚੁੱਕੇ ਹਨ। ਉਨਾਂ ਕਿਹਾ ਕਿ ਇਸੇ ਮੁਹਿੰਮ ਦੇ ਹਿੱਸੇ ਵਜੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਵਿਖੇ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਢੁਕਵੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਬੂਟੇ ਲਾਏ ਜਾਣਗੇ। ਸ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਘਰ-ਘਰ ਹਰਿਆਲੀ ਮੁਹਿੰਮ ਨਾਲ ਜੋੜਨ ਅਤੇ ਉਤਸ਼ਾਹਿਤ ਕਰਨ ਲਈ ਢੁਕਵੀਆਂ ਥਾਵਾਂ ’ਤੇ ਬੈਨਰ ਲਾਏ ਜਾਣਗੇ। ਉਨਾਂ ਕਿਹਾ ਕਿ ਵਾਤਾਵਰਣ ਦੀ ਸ਼ੁਧਤਾ ਲਈ ਹਰ ਨਾਗਰਿਕ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਹ ਸਮੇਂ ਦੀ ਮੰਗ ਵੀ ਹੈ। ਉਨਾਂ ਕਿਹਾ ਕਿ ਸੂਬੇ ਦੀਆਂ ਸਮਾਜ ਸੇਵੀ ਜਥੇਬੰਦੀਆਂ, ਯੂਥ ਕਲੱਬਾਂ ਅਤੇ ਚਾਹਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੰਗਲਾਤ ਵਿਭਾਗ ਮੁਫ਼ਤ ਬੂਟੇ ਮਹੱਈਆ ਕਰਵਾ ਰਿਹਾ ਹੈ ਅਤੇ ਉਹ ਬੂਟੇ ਲਾ ਕੇ, ਬੂਟਿਆਂ ਨੂੰ ਪਾਲਣ ਦੀ ਜ਼ਿੰਮੇਵਾਰੀ ਵੀ ਨਿਭਾਉਣ।ਇਸ ਮੌਕੇ ਵਧੀਕ ਮੁੱਖ ਸਕੱਤਰ ਜੰਗਲਾਤ ਸ੍ਰੀਮਤੀ ਰਵਨੀਤ ਕੌਰ, ਵਧੀਕ ਸਕੱਤਰ ਜੰਗਲਾਤ ਸ੍ਰੀ ਰਵਿੰਦਰ ਸਿੰਘ ਅਤੇ ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

NO COMMENTS