ਮਾਨਸਾ, 04 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਅੱਜ ਮਾਨਸਾ ਦੇ ਪਿੰਡ ਬਰਨਾਲਾ ਵਿਖੇ ਗੁਰਦੁਆਰਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕਰਕੇ ਨਗਰ ਕੀਰਤਨ ਦੀ ਆਰੰਭਤਾ ਕੀਤੀ। ਇਸ ਦੌਰਾਨ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਅਤੇ ਸਕੂਲੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਨਗਰ ਕੀਰਤਨ ਸ੍ਰੀ਼ ਗੁਰਦੁਆਰਾ ਸਾਹਿਬ ਤੋਂ ਅਰੰਭ ਕੀਤਾ ਗਿਆ ਅਤੇ ਪਿੰਡ ਬਰਨਾਲਾ ਦੀਆਂ ਗਲੀਆਂ ਚੌਂਕਾਂ ਵਿੱਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਕੀਤਾ ਜਾਵੇਗਾ।
ਇਸ ਨਗਰ ਕੀਰਤਨ ਦੌਰਾਨ ਮਾਲਵੇ ਦੇ ਪ੍ਰਸਿੱਧ ਗਿਆਨੀ ਰਘੁਵੀਰ ਸਿੰਘ ਖੀਵਾ ਕਵਿਸਰੀ ਜੱਥੇ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੱਸੇ ਗਏ ਸਿੱਖੀ ਦੇ ਰਾਹਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।
ਪਿੰਡ ਵਾਸੀਆਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ‘ਤੇ ਸਵਾਗਤੀ ਗੇਟ ਬਣਾਏ ਗਏ ਸਨ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ | ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਇੰਦਰਜੀਤ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਮੈਂਬਰ ਲਾਭ ਸਿੰਘ, ਡੀ. ਸੀ. ਸਿੰਘ, ਰੇਸ਼ਮ ਸਿੰਘ, ਜਗਸੀਰ ਸਿੰਘ, ਸੁਰਜੀਤ ਸਿੰਘ, ਮੱਘਰ ਸਿੰਘ, ਗੁਰਦੀਪ ਸਿੰਘ ਰਣਜੀਤ ਸਿੰਘ, ਰਾਜੂ ਸਿੰਘ ਅਤੇ ਪੇਂਟਰ ਰੂਪ ਸਿੰਘ ਨੇ ਸੇਵਾ ਨਿਭਾਈ। ਅੰਤ ਵਿੱਚ ਮੁੱਖ ਸੇਵਾਦਾਰ ਜੰਗੀਰ ਸਿੰਘ ਨੇ ਆਈਆਂ ਸਾਰੀਆਂ ਸੰਗਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ |