
ਮਾਨਸਾ, 04,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ਼੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਕਰਵਾਏ ਗਏ।ਭਾਸ਼ਣ ਮੁਕਾਬਲੇ ’ਚ ਸਕੂਲੀ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੰਜੀਵ ਬਾਂਸਲ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਭਾਸ਼ਨ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਭਾਸ਼ਨ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਸਕੂਲ ਭਾਵੇਂ ਲੰਬਾ ਸਮਾਂ ਬੰਦ ਰਹੇ ਪਰ ਗਾਈਡ ਅਧਿਆਪਕਾਂ ਨੇ ਸਾਰੇ ਮੁਕਾਬਲਿਆਂ ਲਈ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕੀਤਾ ਅਤੇ ਪਹਿਲਾਂ ਤੋਂ ਸਖ਼ਤ ਮਿਹਨਤ ਕਰਵਾਈ ਹੈ ਜਿਸ ਦੇ ਨਤੀਜੇ ਵਜੋਂ ਵਿਦਿਆਰਥੀ ਵੱਖ ਵੱਖ ਮੁਕਾਬਲਿਆਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾ ਰਹੇ ਹਨ।
ਅੱਜ ਸਰਕਾਰੀ ਹਾਈ ਸਕੂਲ ਬੁਰਜ ਝੱਬਰ, ਸਰਕਾਰੀ ਹਾਈ ਸਕੂਲ ਗੋਬਿੰਦਪੁਰਾ, ਸਰਕਾਰੀ ਕੰਨਿਆ ਸਮਾਰਟ ਸਕੂਲ ਸਰਦੂਲਗਡ਼੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ, ਸਰਕਾਰੀ ਮਿਡਲ ਸਕੂਲ ਦੂਲੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਆਦਿ ਸਕੂਲਾਂ ਨੇ ਭਾਗ ਲਿਆ।
