ਸੜਕ ਦੁਰਘਟਨਾਵਾਂ ਤੋਂ ਬਚਾਅ ਲਈ ਲਾਜ਼ਮੀ ਤੌਰ ’ਤੇ ਹੈਲਮਟ ਪਾਉਣ ਦੋ ਪਹੀਆ ਵਾਹਨ ਚਾਲਕ: ਮਹਿੰਦਰ ਪਾਲ

0
70

ਮਾਨਸਾ, 28 ਦਸੰਬਰ (ਸਾਰਾ ਯਹਾ /ਜੋਨੀ ਜਿੰਦਲ) : ਦੋ ਪਹੀਆ ਵਾਹਨ ਚਾਲਕਾਂ ਨੂੰ ਆਪਣੀ ਅਤੇ ਹੋਰਨਾਂ ਦੀ ਸੁਰੱਖਿਆ ਲਈ ਵਚਨਬੱਧ ਰਹਿਣ ਦਾ ਸੱਦਾ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਚਲਾ ਕੇ ਦੋ ਪਹੀਆ ਵਾਹਨ ਚਾਲਕਾਂ ਨੂੰ ਮੁਫ਼ਤ 100 ਹੈਲਮਟ ਵੰਡੇ ਗਏ। ਸ਼ਹਿਰ ਦੇ ਤ੍ਰਿਕੋਣੀ ਚੌਂਕ ਵਿਖੇ ਉਪ ਮੰਡਲ ਮੈਜਿਸਟਰੇਟ ਡਾ. ਸ਼ਿਖਾ ਭਗਤ ਦੇ ਪ੍ਰਬੰਧਾਂ ਹੇਠ ਆਯੋਜਿਤ ਹੈਲਮਟ ਵੰਡ ਪ੍ਰੋਗਰਾਮ ਦੌਰਾਨ ਜਿਥੇ ਵਾਹਨ ਚਾਲਕਾਂ ਨੂੰ ਹੈਲਮਟ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਗਿਆ ਉਥੇ ਹੀ ਪ੍ਰਸ਼ਾਸਨ ਦੀ ਤਰਫੋਂ ਧੁੰਦ ਦੇ ਮੱਦੇਨਜ਼ਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਚਲਾਈ ਮੁਹਿੰਮ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ ਅਤੇ ਵਾਹਨ ਚਾਲਕਾਂ ਨੂੰ ਆਖਿਆ ਕਿ ਸੁਰੱਖਿਅਤ ਸਫ਼ਰ ਨੂੰ ਯਕੀਨੀ ਬਣਾਉਣ ਲਈ ਆਵਾਜਾਈ ਨਿਯਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਧੁੰਦ ਕਾਰਨ ਸੜਕ ਦੁਰਘਟਨਾਵਾਂ ਦੀ ਗਿਣਤੀ ਅਕਸਰ ਵਧ ਜਾਂਦੀ ਹੈ ਜਿਸ ਦੀ ਰੋਕਥਾਮ ਲਈ ਹਰੇਕ ਨਾਗਰਿਕ ਦਾ ਯੋਗਦਾਨ ਜ਼ਿਲ੍ਹਾ ਪ੍ਰਸ਼ਾਸਨ ਲਈ ਅਹਿਮ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਾਲਾਨ ਵੱਡੀ ਗਿਣਤੀ ਜਾਨਾਂ ਸੜਕ ਹਾਦਸਿਆਂ ਕਾਰਨ ਮੌਤ ਦੇ ਮੂੰਹ ਵਿੱਚ ਚਲੀਆਂ ਜਾਂਦੀਆਂ ਹਨ ਅਤੇ ਥੋੜੀ ਜਿਹੀ ਲਾਪਰਵਾਹੀ ਘਾਤਕ ਸਾਬਤ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਵੀ ਨੁਕਸਾਨਦਾਇਕ ਸਾਬਤ ਹੁੰਦੀ ਹੈ ਇਸ ਲਈ ਹਾਦਸਿਆਂ ਦਾ ਕਾਰਨ ਬਣ

ਵਾਲੀਆਂ ਆਦਤਾਂ ਤੋਂ ਬਚਾਅ ਰੱਖਣਾ ਚਾਹੀਦਾ ਹੈ।  ਡਿਪਟੀ ਕਮਿਸ਼ਨਰ ਨੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਵਿੱਚ ਬਿਲਕੁਲ ਵੀ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਵਜੋਂ ਵਿਕਸਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਹਰੇਕ ਨਾਗਰਿਕ ਦੀ ਕੀਮਤੀ ਜਾਨ ਨੂੰ ਬਚਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਐਸ.ਡੀ.ਐਮ ਸ਼ਿਖਾ ਭਗਤ ਨੇ ਕਿਹਾ ਕਿ ਮਾਨਸਾ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਲਗਾਤਾਰ ਚੱਲ ਰਹੀ ਹੈ ਜਿਸ ਦੇ ਚਲਦਿਆਂ ਕੱਲ੍ਹ ਸਾਇਕਲ ਰੈਲੀ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਦੇ ਬਾਵਜੂਦ ਜਿਹੜੇ ਵਾਹਨ ਚਾਲਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਜਾਣਗੇ ਉਨ੍ਹਾਂ ਦੇ ਚਲਾਨ ਕੀਤੇ ਜਾਣਗੇ। ਐਸ.ਡੀ.ਐਮ. ਨੇ ਦੱਸਿਆ ਕਿ ਤਹਿਸੀਲਦਾਰ ਮਾਨਸਾ ਅਮਰਜੀਤ ਸਿੰਘ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਭੀਖੀ ਭੀਮ ਸੈਨ ਵੀ ਲੋਕਾਂ ਨੂੰ ਹੈਲਮੇਟ ਦੀ ਵਰਤੋਂ ਕਰਨ ਲਈ ਜਾਗਰੂਕ ਕਰ ਰਹੇ ਹਨ। I/123365/2020

NO COMMENTS