
21 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਖ਼ਤਮ ਹੋ ਰਿਹਾ ਹੈ। ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਬਾਹਰੀ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਕਰਕੇ ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ।
ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ।
ਸੰਗਰੂਰ ਦੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸ਼ਾਮ 6 ਵਜੇ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਪ੍ਰਵਾਨਗੀ ਤੋਂ ਬਗੈਰ ਜਨਤਕ ਮੀਟਿੰਗਾਂ ਤੇ ਇਕੱਠ ਕਰਨ ‘ਤੇ ਪਾਬੰਦੀ ਰਹੇਗੀ। ਉਮੀਦਵਾਰ ਸੀਮਤ ਗਿਣਤੀ ਦੇ ਲੋਕਾਂ ਨਾਲ ਘਰ-ਘਰ ਪ੍ਰਚਾਰ ਕਰ ਸਕਦੇ ਹਨ।
ਚੋਣ ਕਮਿਸ਼ਨ ਨੇ ਪੁਲਿਸ ਨੂੰ ਸ਼ਾਮ 6 ਵਜੇ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਹਨ। ਸੰਗਰੂਰ ਵਿੱਚ ਕੋਈ ਬਾਹਰੀ ਵਿਅਕਤੀ ਨਾ ਠਹਿਰੇ, ਇਸ ਲਈ ਉਹ ਹੋਟਲਾਂ, ਸਰਾਵਾਂ ਸਮੇਤ ਅਜਿਹੀਆਂ ਸਾਰੀਆਂ ਥਾਵਾਂ ਦੀ ਚੈਕਿੰਗ ਕਰਨਗੇ। ਜੇਕਰ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ। ਸੰਗਰੂਰ ਵਿੱਚ ਡਰਾਈ ਡੇਅ ਹੋਵੇਗਾ, 23 ਜੂਨ ਨੂੰ ਵੋਟਾਂ ਪੈਣਗੀਆਂ ਤੇ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
