*ਸੰਗਰੂਰ ਜ਼ਿਮਨੀ ਚੋਣਾਂ ‘ਚ ਜਿੱਤ ਮਗਰੋਂ ਸਿਮਰਨਜੀਤ ਮਾਨ ਦੀ ਸਿਹਤ ਖ਼ਰਾਬ, ਨਹੀਂ ਜਾਣਗੇ ਗੁਰਦੁਆਰਾ ਮਸਤੂਆਣਾ ਸਾਹਿਬ*

0
41

ਚੰਡੀਗੜ੍ਹ 26 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਸੰਗਰੂਰ ਜ਼ਿਮਨੀ ਚੋਣਾਂ ‘ਚ ਜਿੱਤ ਮਗਰੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦਾ ਸਿਹਤ ਖ਼ਰਾਬ ਹੋ ਗਈ ਹੈ।ਉਨ੍ਹਾਂ ਜਿੱਤ ਮਗਰੋਂ ਗੁਰਦੁਆਰਾ ਮਸਤੂਆਣਾ ਸਾਹਿਬ ਦਰਸ਼ਨ ਕਰਨ ਲਈ ਜਾਣਾ ਸੀ ਪਰ ਸਿਹਤ ਖਰਾਬ ਹੋਣ ਮਗਰੋਂ ਉਹ ਮਸਤੂਆਣਾ ਸਾਹਿਬ ਨਹੀਂ ਜਾਣਗੇ।ਉਹ ਘਰ ਵਿੱਚ ਹੀ ਆਰਾਮ ਕਰਨਗੇ।ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ।

ਉਨ੍ਹਾਂ ਨੂੰ 2,52,898 ਵੋਟਾਂ ਮਿਲੀਆਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ। ਗੁਰਮੇਲ ਨੂੰ 2,46,828 ਵੋਟਾਂ ਮਿਲੀਆਂ। ਚੋਣ ਕਮਿਸ਼ਨ ਨੇ ਮਾਨ ਦੀ ਜਿੱਤ ਦਾ ਰਸਮੀ ਐਲਾਨ ਕਰ ਦਿੱਤਾ ਹੈ।

ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ। ਉਹ ਇੱਥੋਂ ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਹ ਸੀਟ ਨਹੀਂ ਬਚਾ ਸਕੇ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ।

ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ ਹਨ, ਜਿਨ੍ਹਾਂ ਨੂੰ 79,526 ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਕੇਵਲ ਢਿੱਲੋਂ ਚੌਥੇ ਨੰਬਰ ‘ਤੇ ਰਹੇ। ਜਿਨ੍ਹਾਂ ਨੂੰ 66,171 ਵੋਟਾਂ ਮਿਲੀਆਂ। ਪੰਜਵੇਂ ਨੰਬਰ ‘ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਰਹੀ। ਉਨ੍ਹਾਂ ਨੂੰ 44,323 ਵੋਟਾਂ ਮਿਲੀਆਂ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ।

ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਲੀਮੈਂਟ ਵਿੱਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣਗੇ।

NO COMMENTS