ਸੰਗਰੂਰ : ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਦੌਰਾਨ ਗੁਰਮੇਲ ਸਿੰਘ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਪਹਿਲਾਂ ਮੇਰੇ ‘ਤੇ ਦੋ ਵਾਰ ਭਰੋਸਾ ਕੀਤਾ ਅਤੇ ਇਸ ਵਾਰ ਗੁਰਮੇਲ ਸਿੰਘ ‘ਤੇ ਕਰਨਗੇ।
ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ‘ਚ ਅਸੀਂ ਆਪਣਾ ਕੰਮ ਕਰਾਂਗੇ, ਵਿਰੋਧੀ ਪਾਰਟੀਆਂ ਆਪਣਾ ਏਜੰਡਾ ਲੈ ਕੇ ਆਈਆਂ ਹਨ, ਲੋਕਾਂ ਨੇ ਫੈਸਲਾ ਕਰਨਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੇ ਸਵਾਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪੀ ਸਾਧੀ।ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਅਜੇ ਤੱਕ ਆਪਣਾ ਕੋਈ ਉਮੀਦਵਾਰ ਨਹੀਂ ਐਲਾਨਿਆ। ਸੰਗਰੂਰ ਸੀਟ ਲਈ ਨਾਮਜ਼ਦਗੀਆਂ ਦਾ ਸੋਮਵਾਰ ਆਖਰੀ ਦਿਨ ਹੈ। ਓਧਰ ਦੂਜੇ ਪਾਸੇ ਪੰਜਾਬ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲੜਾਉਣਾ ਚਾਹੁੰਦੀ ਹੈ। ਇਸ ਦੇ ਲਈ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਕਾਂਗਰਸ ਚਾਹੁੰਦੀ ਹੈ ਕਿ ਮੂਸੇਵਾਲਾ ਦੇ ਪਿਤਾ ਨਿਰਵਿਰੋਧ ਜਿੱਤਣ। ਹਾਲਾਂਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਕੋਈ ਪ੍ਰਤਿਕਿਰਿਆ ਨਹੀਂ ਦਿੱਤੀ। ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2014 ’ਚ ਸੁਖਦੇਵ ਢੀਂਡਸਾ ਨੂੰ ਹਰਾ ਕੇ ਸੰਗਰੂਰ ਦੀ ਸੀਟ ਜਿੱਤੀ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ (Sangrur bypoll) ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਤੇ 26 ਜੂਨ ਨੂੰ ਨਤੀਜਾ ਐਲਾਨਿਆ ਆਵੇਗਾ।