ਸੰਵਿਧਾਨ ਦਿਵਸ ‘ਤੇ ਹੀ ਖੋਹਿਆ ਕਿਸਾਨਾਂ ਤੋਂ ਸੰਵਿਧਾਨਕ ਹੱਕ

0
18

ਚੰਡੀਗੜ੍ਹ 26 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਅੱਜ ਸੰਵਿਧਾਨ ਦਿਵਸ ਮੌਕੇ ਹੀ ਕਿਸਾਨਾਂ ਤੋਂ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਖੋਹਿਆ ਜਾ ਰਿਹਾ ਹੈ। ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖੁਦ ਹਰਿਆਣਾ ਦੀ ਬੀਜੇਪੀ ਸਰਕਾਰ ਭੜਕਾ ਰਹੀ ਹੈ। ਜਿਸ ‘ਤੇ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਮੋਦੀ ਅਤੇ ਖੱਟੜ ਵੱਲੋਂ ਕਿਸਾਨਾਂ ‘ਤੇ ਕੀਤੇ ਜ਼ੁਲਮ ਦੀ ਸਖਤ ਨਿਖੇਧੀ ਕੀਤੀ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਨਾਲ ਰੋਸ ਪ੍ਰਗਟਾਉਣ ਦਾ ਅਧਿਕਾਰ ਦਿੰਦਾ ਹੈ, ਪਰ ਅੱਜ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਵਾਲੇ ਦਿਨ ਹੀ ਭਾਜਪਾ ਇਹ ਅਧਿਕਾਰ ਖੋਹਣ ਦੀ ਕੋਸ਼ਿਸ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਕੋਈ ਵੀ ਇਸ ਅਧਿਕਾਰ ਨੂੰ ਖੋਹ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ ਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ। ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ‘ਤੇ ਫ਼ਸਲਾਂ ਦੀ ਖ਼ਰੀਦ ਕਿਸਾਨਾਂ ਦਾ ਹੱਕ ਹੈ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਐਮਐਸਪੀ ਦੀ  ਗਰੰਟੀ ਦਿਵਾਉਣ ਲਈ ਹਰ ਪੱਧਰ ‘ਤੇ ਅੰਦੋਲਨਾਂ ਲਈ ਮੈਦਾਨ ‘ਚ ਡਟੇਗੀ।

ਉਨ੍ਹਾਂ ਕਿਹਾ ਕਿ ਮੋਦੀ ਅਤੇ ਕੈਪਟਨ ਵਰਗੇ ਮਾੜੇ ਸ਼ਾਸਨ ਕਾਰਨ ਹੀ ਅੱਜ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਵੇਖਣੇ ਪੈ ਰਹੇ ਹਨ। ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਬੇਹੱਦ ਕਮਜ਼ੋਰ ਸ਼ਾਸਕ ਹਨ ਅਤੇ ਜੇਕਰ ਉਹ ਲੋਕਾਂ ਦੀ ਆਵਾਜ਼ ਸਹੀ ਢੰਗ ਨਾਲ ਚੁੱਕਦੇ ਤਾਂ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਦੇਖਣੇ ਨਾ ਪੈਂਦੇ।

ਮਾਨ ਨੇ ਕਿਹਾ ਕਿ ਮੋਦੀ ਨੇ ਸਰਕਾਰ ਸਥਾਪਤੀ ਤੋਂ ਬਾਅਦ ਸਾਰੇ ਹੀ ਫ਼ੈਸਲੇ ਗ਼ਲਤ ਲਏ ਹਨ ਅਤੇ ਹੁਣ ਕਿਸਾਨਾਂ ਨੂੰ ਐੱਮਐੱਸਪੀ ਦੇਣ ਤੋਂ ਵੀ ਭੱਜ ਰਿਹਾ ਹੈ ਅਜਿਹੇ ਹਾਲਾਤਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਐਮਐਸਪੀ ਦੀ ਗਾਰੰਟੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਮਜ਼ਦੂਰ ਤੇ ਵਪਾਰੀ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਇਨ੍ਹਾਂ ਤੋਂ ਬਿਨਾਂ ਪੰਜਾਬ ਦਾ ਗੁਜ਼ਾਰਾ ਨਾਮੁਮਕਿਨ ਹੈ। ਇਸ ਲਈ ਇਸ ਸਮੇਂ ਲੋੜ ਹੈ ਕਿ ਇਨ੍ਹਾਂ ਤਿੰਨਾਂ ਨੂੰ ਬਚਾਇਆ ਜਾਵੇ।

NO COMMENTS