ਮਾਨਸਾ, 27 ਮਈ(ਸਾਰਾ ਯਹਾਂ/ਬੀਰਬਲ ਧਾਲੀਵਾਲ): ਪੰਜਾਬ ਸਰਕਾਰ ਵੱਲੋਂ ਆਰੰਭੇ ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਵਿੱਚ ਨੌਜਵਾਨ ਵਰਗ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਕ ਨਿਵੇਕਲੀ ਸ਼ੁਰੂਆਤ ਕੀਤੀ ਗਈ ਤਾਂ ਜੋ ਸੂਬੇ ਵਿੱਚ ਮਿਸ਼ਨ ਫ਼ਤਿਹ 2.0 ਨੂੰ ਅੱਗੇ ਵਧਾਇਆ ਜਾ ਸਕੇ। ਅੱਜ ਵਰਚੂਅਲ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੇ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਪ੍ਰਤੀ ਪਿੰਡ ਜਾਂ ਪ੍ਰਤੀ ਮਿਊਂਸੀਪਲ ਵਾਰਡ ਦੇ ਪੱਧਰ ’ਤੇ ਸੱਤ ਰੂਰਲ ਕੋਰੋਨਾ ਵਾਲੰਟੀਅਰਾਂ ’ਤੇ ਆਧਾਰਿਤ ਸਮੂਹ ਕਾਇਮ ਕਰਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਖਿਲਾਫ਼ ਲੜਾਈ ਵਿੱਚ ਉਸਾਰੂ ਭੂਮਿਕਾ ਨਿਭਾਉਣ ਲਈ ਹਰੇਕ ਰੂਰਲ ਕੋਰੋਨਾ ਵਾਲੰਟੀਅਰ ਨੂੰ ਕੌਮਾਂਤਰੀ ਯੁਵਾ ਦਿਵਸ ਮੌਕੇ 12 ਅਗਸਤ ਨੂੰ ਇੱਕ ਇੱਕ ਖੇਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਯੂਥ ਆਗੂ ਸ਼੍ਰੀ ਚੁਸਪਿੰਦਰਵੀਰ ਸਿੰਘ ਚਹਿਲ ਨੇ ਇਸ ਵਰਚੂਅਲ ਕਾਨਫਰੰਸ ਵਿੱਚ ਹਿੱਸਾ ਲਿਆ। ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਕੋਰੋਨਾ ਮੁਕਤ ਪਿੰਡ’ ਮੁਹਿੰਮ ਨੂ ੰਸਫ਼ਲਤਾ ਨਾਲ ਲਾਗੂ ਕਰਨ ਲਈ ਨੌਜਵਾਨਾਂ ਨੂੰ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਭਰਪੂਰ ਹੁੰਗਾਰੇ ਸਦਕਾ ਹੀ ਤਿੰਨ ਹਫ਼ਤਿਆਂ ਦੌਰਾਨ ਪੰਜਾਬ ਵਿੱਚ ਕੋਵਿਡ ਦੇ ਮਾਮਲੇ 9 ਹਜ਼ਾਰ ਤੋਂ ਘਟ ਕੇ 4 ਹਜ਼ਾਰ ਰਹਿ ਗਏ ਹਨ ਪਰ ਇਸ ਵਾਰ ਪੇਂਡੂ ਖੇਤਰਾਂ ’ਤੇ ਕੋਵਿਡ ਦੀ ਮਾਰ ਜ਼ਿਆਦਾ ਹੋਣ ਕਾਰਨ ਸਥਿਤੀ ਹਾਲੇ ਵੀ ਗੰਭੀਰ ਹੈ। ਮੁੱਖ ਮੰਤਰੀ ਨੇ ਖੇਡ ਤੇ ਯੁਵਾ ਮਾਮਲੇ ਵਿਭਾਗ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਰੂਰਲ ਕੋਰੋਨਾ ਵਾਲੰਟੀਅਰਾਂ ’ਤੇ ਆਧਾਰਿਤ ਸਮੂਹ ਤੁਰੰਤ ਕਾਇਮ ਕੀਤੇ ਜਾਣ ਜੋ ਕਿ ਲੋਕਾਂ ਨੂੰ ਟੈਸਟ, ਟਰੇਸ ਤੇ ਟਰੀਟ (ਜਾਂਚ, ਭਾਲ ਅਤੇ ਇਲਾਜ)
ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਗਰੀਬ ਤੇ ਬਜ਼ੁਰਗ ਵਿਅਕਤੀਆਂ ਦੀ ਸੰਭਾਲ ਕਰਦੇ ਹੋਏ ਕੋਵਿਡ ਕੰਟਰੋਲ ਰੂਮ ਤੇ ਹੈਲਪਲਾਈਨਾਂ ਤੱਕ ਪਹੁੰਚ ਆਸਾਨ ਬਣਾਉਣ, ਪਿੰਡਾਂ ਵਿੱਚ ਠੀਕਰੀ ਪਹਿਰੇ, ਕੋਵਿਡ ਤੋਂ ਬਚਾਅ ਲਈ ਸਿਹਤ ਸਾਵਧਾਨੀਆਂ ਦੀ ਪਾਲਣਾ, ਚੰਗੀਆਂ ਇਲਾਜ ਸੁਵਿਧਾਵਾਂ ਪੇਂਡੂ ਲੋਕਾਂ ਨੂੰ ਉਪਲਬਧ ਕਰਵਾਉਣ, ਨੀਮ ਹਕੀਮਾਂ ਤੋਂ ਦੂਰ ਰਹਿਣ ਸਮੇਤ ਹੋਰ ਪੇਸ਼ਕਦਮੀਆਂ ਦਾ ਦਾਇਰਾ ਵਧਾ ਕੇ ਹਰੇਕ ਵਿਅਕਤੀ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾਉਣ। ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਯੁਵਾ ਮਾਮਲੇ ਵਿਭਾਗ ਵੱਲੋਂ ਇੱਕ ਲੱਖ ਬੈਜ ਅਤੇ ਇੱਕ ਲੱਖ ਕਾਰ ਸਟੀਕਰ ਜਿਨ੍ਹਾਂ ਉੱਤੇ ‘ਮੈਂ ਵੈਕਸੀਨ ਲਗਵਾ ਲਈ ਹੈ’ ਲਿਖਿਆ ਹੋਇਆ ਹੈ, ਵੰਡਿਆ ਜਾਵੇਗਾ ਤਾਂ ਜੋ ਹੋਰ ਲੋਕ ਵੀ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਹੋ ਸਕਣ। ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਮਿਸ਼ਨ 2.0 ਕੋਵਿਡ ਖਿਲਾਫ਼ ਜੰਗ ਵਿੱਚ ਆਖਰੀ ਮਿਸ਼ਨ ਸਾਬਤ ਹੋਵੇਗਾ, ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਤੀਜੀ ਸੰਭਾਵੀ ਲਹਿਰ ਲਈ ਵੀ ਤਿਆਰ ਰਹਿਣ ਦਾ ਸੱਦਾ ਦਿੱਤਾ ਅਤੇ ਸਿਹਤ ਸਲਾਹਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ। ਵੀਡੀਓ ਕਾਨਫਰੰਸਿੰਗ ਦੌਰਾਨ ਸੂਬੇ ਦੀ ਕੋਵਿਡ ਟੀਕਾਕਰਨ ਮੁਹਿੰਮ ਦੇ ਬਰਾਂਡ ਅੰਬੈਸਡਰ ਸੋਨੂੰ ਸੂਦ ਨੇ ਟੀਕਾਕਰਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਣੂ ਕਰਵਾਏ ਜਾਣ ਦਾ ਸੱਦਾ ਦਿੱਤਾ। ਕਾਨਫਰੰਸ ਦੌਰਾਨ ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ, ਖੇਡਾਂ ਤੇ ਯੁਵਾ ਸੇਵਾਵਾਂ ਮੰਤਰੀ ਸ਼੍ਰੀ ਰਾਣਾ ਗੁਰਮੀਤ ਸਿੰਘ ਸੋਢੀ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਬਰਿੰਦਰ ਸਿੰਘ ਢਿੱਲੋਂ, ਮੁੱਖ ਸਕੱਤਰ ਵਿਨੀ ਮਹਾਜਨ, ਪੰਜਾਬ ਸਰਕਾਰ ਦੇ ਸਿਹਤ ਸਲਾਹਕਾਰ ਡਾ. ਕੇ.ਕੇ ਤਲਵਾੜ ਨੇ ਵੀ ਸੰਬੋਧਨ ਕੀਤਾ।
ਵੀਡੀਓ ਕਾਨਫਰੰਸ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦੇ ਮਾਤਾ ਖੀਵੀ ਯੁਵਕ ਭਲਾਈ ਕਲੱਬ ਦੀ ਪ੍ਰਧਾਨ ਰੁਚੀ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਕੋਵਿਡ ਮਹਾਂਮਾਰੀ ਦੇ ਪਾਸਾਰ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਚਲਾਈ ਜਾਗਰੂਕਤਾ ਮੁਹਿੰਮ ਅਤੇ ਕਲੱਬ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਕੀਤੀ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਯੂਥ ਕਲੱਬ ਜ਼ਮੀਨੀ ਪੱਧਰ ’ਤੇ ਕੋਰੋਨਾ ਖਿਲਾਫ਼ ਜੰਗ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਕਾਰਜਸ਼ੀਲ ਰਹਿਣਗੇ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਭਲਾਈ ਵਿਭਾਗ ਰਘਬੀਰ ਸਿੰਘ ਮਾਨ, ਹਲਕਾ ਵਾਇਸ ਪ੍ਰਧਾਨ ਕੁਲਵਿੰਦਰ ਸਿੰਘ, ਬਲਾਕ ਪ੍ਰਧਾਨ ਭੀਖੀ ਮਲਕੀਤ ਸਿੰਘ ਅਤੇ ਗੁਰਕੇਵਲ ਸਿੰਘ ਮੌਜੂਦ ਸਨ।